ਪੁਲਿਸ ਕਮਿਸ਼ਨਰੇਟ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 13384 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 60.37 ਲੱਖ ਜੁਰਮਾਨਾ

ਜਲੰਧਰ 03 ਜੁਲਾਈ 2020

   ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 13384 ਲੋਕਾਂ ਨੂੰ 60.37 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 13384  ਲੋਕਾਂ ਨੂੰ 60.37 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 40 ਵਿਅਕਤੀਆਂ ਨੂੰ 71000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 302 ਵਿਅਕਤੀਆਂ ਨੂੰ 40600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

    ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 39859 ਟਰੈਫਿਕ ਚਲਾਨ ਕਰਕੇ 2054 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ।

                ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 55 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  102000 ਰੁਪਏ ਅਤੇ 32 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 16000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 138 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 2,76000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

                ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 217 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ 166 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ ਚਲਾਨ ਕਰਕੇ 83000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

   ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।