Skip to content

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼
Share Facebook X WhatsApp Telegram Email
View in ePaper

ਦੋ ਮੁਲਜ਼ਮ ਗ੍ਰਿਫ਼ਤਾਰ, 6 ਪਿਸਤੌਲ, ਇੱਕ-ਇੱਕ ਕਿਲੋ ਹੈਰੋਇਨ ਤੇ ਅਫ਼ੀਮ ਸਮੇਤ ਨਸ਼ੇ ਦੀ ਰਕਮ ਬਰਾਮਦ

ਅੰਮ੍ਰਿਤਸਰ, 23 ਜੁਲਾਈ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਕਥਿਤ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਹਥਿਆਰ, ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਗਈ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ, ਇੱਕ ਕਿਲੋਗ੍ਰਾਮ ਹੈਰੋਇਨ, ਇੱਕ ਕਿਲੋਗ੍ਰਾਮ ਅਫ਼ੀਮ ਅਤੇ ਨਸ਼ਾ ਤਸਕਰੀ ਨਾਲ ਸਬੰਧਿਤ ਹੋਣ ਦੇ ਸ਼ੱਕ ਹੇਠ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਗੋਲੀਆਂ ਦੇ ਮੈਗਜ਼ੀਨ ਅਤੇ ਹੋਰ ਸਾਮਾਨ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਿਆ ਹੈ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਕਥਿਤ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀ ਪੂਰੀ ਸਾਜ਼ਿਸ਼ ਉਸੇ ਵੱਲੋਂ ਰਚੀ ਗਈ ਸੀ। ਜਾਂਚ ਅਨੁਸਾਰ ਇਹ ਖੇਪ ਅੱਗੇ ਸੂਬੇ ਦੇ ਅਪਰਾਧਿਕ ਗਿਰੋਹਾਂ ਤੱਕ ਪਹੁੰਚਾਈ ਜਾਣੀ ਸੀ।

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਅਤੇ ਕੈਂਟ ਥਾਣਿਆਂ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਏ ਗਏ ਹਨ। ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਜੁੜੇ ਸਾਰੇ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਨਾਲ ਜੁੜੇ ਹੋਰ ਵਿਅਕਤੀਆਂ ਦੀ ਵੀ ਪਛਾਣ ਕੀਤੀ ਜਾ ਸਕੇ।

ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰ ਤੋਂ ਚੱਲ ਰਹੀ ਨਸ਼ਾ ਅਤੇ ਹਥਿਆਰ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਅਜਿਹੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਸੁਰੱਖਿਆ ਏਜੰਸੀਆਂ ਲਗਾਤਾਰ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਫਿਲਹਾਲ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਵਿਦੇਸ਼ੀ ਹੈਂਡਲਰ ਸਮੇਤ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।