Skip to content

ਜਲੰਧਰ ਦਿਹਾਤੀ ਪੁਲਿਸ ਦੀ ਉੱਚ ਪੱਧਰੀ ਮੀਟਿੰਗ, ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਭਗੌੜਿਆਂ ਖ਼ਿਲਾਫ਼ ਕਾਰਵਾਈ ਹੋਵੇਗੀ ਹੋਰ ਸਖ਼ਤ

ਜਲੰਧਰ ਦਿਹਾਤੀ ਪੁਲਿਸ ਦੀ ਉੱਚ ਪੱਧਰੀ ਮੀਟਿੰਗ, ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਭਗੌੜਿਆਂ ਖ਼ਿਲਾਫ਼ ਕਾਰਵਾਈ ਹੋਵੇਗੀ ਹੋਰ ਸਖ਼ਤ
Share Facebook X WhatsApp Telegram Email
View in ePaper

ਜਲੰਧਰ, 11 ਜੁਲਾਈ: ਜਲੰਧਰ ਦਿਹਾਤੀ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਨਕੇਲ ਕੱਸਣ ਲਈ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਐੱਸ.ਪੀ. ਮੁਕੇਸ਼ ਕੁਮਾਰ, ਐੱਸ.ਪੀ. ਮਨਜੀਤ ਕੌਰ, ਸਮੂਹ ਡੀ.ਐੱਸ.ਪੀ., ਐੱਸ.ਐੱਚ.ਓ., ਪੁਲਿਸ ਚੌਕੀ ਇੰਚਾਰਜਾਂ ਸਮੇਤ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ।

ਮੀਟਿੰਗ ਦੌਰਾਨ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਹੋਰ ਅਪਰਾਧਿਕ ਮਾਮਲਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਗਈ। ਐੱਸ.ਐੱਸ.ਪੀ. ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਰੋਜ਼ਾਨਾ ਵਿਸ਼ੇਸ਼ ਨਾਕਾਬੰਦੀ, ਰਾਤ ਸਮੇਂ ਡੋਮੀਨੇਸ਼ਨ ਮੁਹਿੰਮਾਂ, ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਤਕਨੀਕੀ ਨਿਗਰਾਨੀ ਪ੍ਰਣਾਲੀਆਂ ਦੀ ਵਰਤੋਂ ਹੋਰ ਪ੍ਰਭਾਵਸ਼ਾਲੀ ਬਣਾਈ ਜਾਵੇ, ਤਾਂ ਜੋ ਅਪਰਾਧਿਕ ਗਤੀਵਿਧੀਆਂ 'ਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇ।

ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਮੁਲਜ਼ਮਾਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਜ਼ਮਾਨਤ 'ਤੇ ਬਾਹਰ ਆਏ ਵਿਅਕਤੀਆਂ ਦੀ ਨਿਯਮਤ ਜਾਂਚ ਅਤੇ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ, ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।

ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਪੁਲਿਸ ਅਤੇ ਲੋਕਾਂ ਵਿਚਕਾਰ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀਆਂ ਨਿਯਮਤ ਮੀਟਿੰਗਾਂ ਕਰਵਾਉਣ ਲਈ ਕਿਹਾ, ਤਾਂ ਜੋ ਪਿੰਡ ਪੱਧਰ 'ਤੇ ਲੋਕਾਂ ਦੀ ਭਾਗੀਦਾਰੀ ਵਧੇ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕੇ।

ਮੀਟਿੰਗ ਵਿੱਚ ਅਪਰਾਧਿਕ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ, ਐੱਫ.ਆਈ.ਆਰ. ਦੀ ਰਜਿਸਟ੍ਰੇਸ਼ਨ ਅਤੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਦੇ ਨਾਲ ਹੀ ਸੜਕ ਸੁਰੱਖਿਆ ਸਬੰਧੀ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚਲਾਨ ਕਰਨ ਅਤੇ ਲੋੜ ਪੈਣ 'ਤੇ ਵਾਹਨਾਂ ਨੂੰ ਇੰਪਾਊਂਡ ਕਰਨ ਲਈ ਵੀ ਅਧਿਕਾਰੀਆਂ ਨੂੰ ਕਿਹਾ ਗਿਆ। ਦੋਪਹੀਆ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।

ਐੱਸ.ਐੱਸ.ਪੀ. ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਵੀ ਤਰਜੀਹ ਦਿੰਦਿਆਂ ਸਾਰੇ ਰਾਜਪੱਤਰਿਤ ਅਧਿਕਾਰੀਆਂ ਨੂੰ ਆਪਣੇ ਸਬ-ਡਿਵੀਜ਼ਨਾਂ ਵਿੱਚ ਨਿਯਮਤ ਵੈਲਫੇਅਰ ਮੀਟਿੰਗਾਂ ਕਰਨ ਲਈ ਕਿਹਾ, ਤਾਂ ਜੋ ਕਰਮਚਾਰੀਆਂ ਦੀਆਂ ਸਮੱਸਿਆਵਾਂ ਅਤੇ ਸੇਵਾ ਨਾਲ ਜੁੜੇ ਮਾਮਲਿਆਂ ਦਾ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ 'ਪਬਲਿਕ ਸੇਫਟੀ ਫਰਸਟ' ਮੁਹਿੰਮ ਅਤੇ ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਮੀਟਿੰਗ ਦੇ ਅੰਤ ਵਿੱਚ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਸਮੂਹ ਸੀਨੀਅਰ ਅਧਿਕਾਰੀਆਂ ਨੂੰ ਆਪਣੇ ਇਲਾਕਿਆਂ ਵਿੱਚ ਪੁਲਿਸ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ਅਤੇ ਜਲੰਧਰ ਦਿਹਾਤੀ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਨਤੀਜਾ-ਅਧਾਰਿਤ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।