Skip to content

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਅੱਗੇ ਆਉਣ ਦਾਨੀ ਸੱਜਣ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਅੱਗੇ ਆਉਣ ਦਾਨੀ ਸੱਜਣ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
Share Facebook X WhatsApp Telegram Email
View in ePaper

ਪਰਿਆਸ ਸਕੂਲ ਲਈ ਫੰਡ ਇਕੱਠਾ ਕਰਨ ਅਤੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ, ਕਿਹਾ—ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ

ਜਲੰਧਰ, 22 ਅਗਸਤ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਧੀਨ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਚਲਾਏ ਜਾ ਰਹੇ ਪਰਿਆਸ ਸਕੂਲ ਦੀ ਸਹਾਇਤਾ ਲਈ ਫੰਡ ਇਕੱਠਾ ਕਰਨ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਦਾਨੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੀ ਸੁਪਤਨੀ ਅਤੇ ਰੈੱਡ ਕਰਾਸ ਹਸਪਤਾਲ ਵੈਲਫੇਅਰ ਸੈਕਸ਼ਨ ਪਰਿਆਸ ਸਕੂਲ ਦੀ ਉਪ ਪ੍ਰਧਾਨ ਤਾਨੀਆ ਬੈਂਸ ਵੀ ਮੌਜੂਦ ਸਨ।

ਦਾਨੀਆਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਸਹਾਇਤਾ ਵਿੱਚ ਦਾਨੀ ਸੱਜਣ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਲਈ ਫੰਡ ਇਕੱਠਾ ਕਰਨਾ ਅਤੇ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਦਾਨੀਆਂ ਦਾ ਸਨਮਾਨ ਕਰਨਾ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਦੱਸਿਆ ਕਿ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਪਰਿਆਸ ਸਕੂਲ ਵਿੱਚ ਬੁਨਿਆਦੀ ਅਤੇ ਸਿੱਖਿਆ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੀ ਜਾਂਦੀ ਹੈ।

ਇਨ੍ਹਾਂ ਫੰਡਾਂ ਰਾਹੀਂ ਪਖਾਨਿਆਂ ਅਤੇ ਕਲਾਸ ਰੂਮਾਂ ਦੀ ਉਸਾਰੀ, ਕੰਪਿਊਟਰ ਸਾਇੰਸ ਲੈਬ ਦੀ ਸਥਾਪਨਾ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਟੇਸ਼ਨਰੀ, ਵਰਦੀਆਂ, ਕਿਤਾਬਾਂ ਅਤੇ ਸਕੂਲ ਬੈਗ ਮੁਹੱਈਆ ਕਰਵਾਏ ਜਾਂਦੇ ਹਨ।

‘ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ’

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਸਮਾਜ ਦੇ ਸਮਰੱਥ ਲੋਕਾਂ ਅਤੇ ਦਾਨੀ ਸੱਜਣਾਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਇਨ੍ਹਾਂ ਬੱਚਿਆਂ ਦੀ ਸਿੱਖਿਆ, ਸਾਂਭ-ਸੰਭਾਲ ਅਤੇ ਵਿਕਾਸ ਲਈ ਹੋਰ ਬਿਹਤਰ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਦੀਆਂ ਹਨ। ਕੋਈ ਵੀ ਦਾਨੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਰਜਿਸਟਰਡ ਸੰਸਥਾਵਾਂ ਨੂੰ ਸਹਿਯੋਗ ਦੇ ਸਕਦਾ ਹੈ।

ਬੱਚਿਆਂ ਵੱਲੋਂ ਤਿਆਰ ਵਸਤਾਂ ਦੇਖ ਕੇ ਕੀਤੀ ਹੌਸਲਾ ਅਫ਼ਜ਼ਾਈ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਤਿਆਰ ਕੀਤੀਆਂ ਵੱਖ-ਵੱਖ ਵਸਤਾਂ ਵੀ ਦੇਖੀਆਂ ਅਤੇ ਉਨ੍ਹਾਂ ਦੀ ਪ੍ਰਤਿਭਾ ਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਹੌਸਲਾ ਅਫ਼ਜ਼ਾਈ ਕੀਤੀ।

ਸਮਾਗਮ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸੁਰਜੀਤ ਲਾਲ, ਸਮਾਜ ਸੇਵਿਕਾ ਪਰਮਿੰਦਰ ਬੇਰੀ, ਰੰਜਨਾ ਬਾਂਸਲ, ਜੋਤੀ ਸੱਗੀ, ਤਰਸੇਮ ਕਪੂਰ, ਸ਼ੈਲੀ ਅਗਰਵਾਲ, ਵਸੂਧਾ ਠਾਕੁਰ ਅਤੇ ਸ਼ੁਭ ਸੇਠੀ ਸਮੇਤ ਹੋਰ ਦਾਨੀ ਸੱਜਣ ਹਾਜ਼ਰ ਸਨ।