ePaper Reading mode

Public Times ePaper

Thursday, 10 September 2026

‘ਖੇਡਾਂ ਵਤਨ ਪੰਜਾਬ ਦੀਆਂ-2026’: ਆਦਮਪੁਰ ਤੇ ਭੋਗਪੁਰ ’ਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼

‘ਖੇਡਾਂ ਵਤਨ ਪੰਜਾਬ ਦੀਆਂ-2026’: ਆਦਮਪੁਰ ਤੇ ਭੋਗਪੁਰ ’ਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼

ਪਵਨ ਕੁਮਾਰ ਟੀਨੂੰ ਨੇ ਕਰਵਾਈ ਸ਼ੁਰੂਆਤ; ਕਿਹਾ—ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਪੰਜਾਬ ਸਰਕਾਰ

ਆਦਮਪੁਰ/ਭੋਗਪੁਰ (ਜਲੰਧਰ), 10 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਆਦਮਪੁਰ ਅਤੇ ਭੋਗਪੁਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਮੁਕਾਬਲਿਆਂ ਦਾ ਆਗਾਜ਼ ਕਰਵਾਇਆ ਅਤੇ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਵਿਕਾਸ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 3,000 ਤੋਂ ਵੱਧ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਦਕਿ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਵੱਡੇ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।

14 ਸਾਲ ਤੋਂ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀਆਂ ਲਈ ਮੌਕਾ

ਟੀਨੂੰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਸਾਲ 2022 ਵਿੱਚ ਕੀਤੀ ਗਈ ਸੀ ਅਤੇ ਇਸ ਸਾਲ 5 ਸਤੰਬਰ ਨੂੰ ਬਠਿੰਡਾ ਵਿਖੇ ਚੌਥੇ ਸੀਜ਼ਨ ਦਾ ਆਗਾਜ਼ ਕੀਤਾ ਗਿਆ। ਇਨ੍ਹਾਂ ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਵਰਗ ਤੱਕ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਵੀ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲ ਰਾਹੀਂ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿੱਚ ਇੱਕ ਲੋਕ ਲਹਿਰ ਦਾ ਰੂਪ ਲੈ ਚੁੱਕੀਆਂ ਹਨ।

‘ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਚ ਖੇਡਾਂ ਦੀ ਅਹਿਮ ਭੂਮਿਕਾ’

ਟੀਨੂੰ ਨੇ ਕਿਹਾ ਕਿ ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵਰਗੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਪ੍ਰੇਰਿਤ ਕੀਤਾ। ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।