ePaper Reading mode

Public Times ePaper

Tuesday, 29 September 2026

‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਕਈ ਥਾਵਾਂ ’ਤੇ ਸਫ਼ਾਈ ਮੁਹਿੰਮ; ਸਟਾਫ਼, ਸਿੱਖਿਆਰਥੀਆਂ ਤੇ ਵਿਦਿਆਰਥੀਆਂ ਨੇ ਲਿਆ ਹਿੱਸਾ

ਜਲੰਧਰ, 29 ਸਤੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਮੰਗਲਵਾਰ ਨੂੰ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਦਫ਼ਤਰ ਦੇ ਸਮੂਹ ਸਟਾਫ਼ ਦੇ ਨਾਲ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ ਦੇ ਸਿੱਖਿਆਰਥੀਆਂ ਅਤੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ।

ਸਫ਼ਾਈ ਮੁਹਿੰਮ ਤਹਿਤ ਦਫ਼ਤਰ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ਤੋਂ ਇਲਾਵਾ ਬਾਜ਼ਾਰ ਸਮੇਤ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਸਬੰਧੀ ਜਾਗਰੂਕ ਵੀ ਕੀਤਾ ਗਿਆ।

ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫਟੀਨੈਂਟ ਜਨਰਲ ਭੁਪਿੰਦਰ ਸਿੰਘ ਭੋਲਾ (ਰਿਟਾ.) ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦਾ ਵਾਤਾਵਰਣ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣਾ ਸਿਰਫ਼ ਸਰਕਾਰੀ ਵਿਭਾਗਾਂ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਹੋਰ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਨਾ ਸੁੱਟਣ ਲਈ ਕਿਹਾ।

ਉਨ੍ਹਾਂ ਅਪੀਲ ਕੀਤੀ ਕਿ ਕੂੜਾ ਨਗਰ ਨਿਗਮ ਵੱਲੋਂ ਨਿਰਧਾਰਿਤ ਥਾਵਾਂ ’ਤੇ ਹੀ ਸੁੱਟਿਆ ਜਾਵੇ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਨੂੰ ਰੋਜ਼ਾਨਾ ਦੀ ਆਦਤ ਬਣਾਇਆ ਜਾਵੇ।

ਲੈਫਟੀਨੈਂਟ ਜਨਰਲ ਭੁਪਿੰਦਰ ਸਿੰਘ ਭੋਲਾ ਨੇ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਫ਼ਾਈ ਮੁਹਿੰਮਾਂ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।