Tuesday, 25 August 2026
Punjab
ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਵਚਨਬੱਧ, ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸਮੀਖਿਆ ਮੀਟਿੰਗ
ਜਲੰਧਰ, 25 ਅਗਸਤ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਵਪਾਰੀ ਵਰਗ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੋਰਟਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਲਗਾਤਾਰ ਨਿਗਰਾਨੀ ਦੇ ਹੁਕਮ
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਅਤੇ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰੀ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ Punjab Di Sewa Portal ’ਤੇ ਲਗਾਤਾਰ ਨਿਗਰਾਨੀ ਰੱਖਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਪੋਰਟਲ ’ਤੇ ਆਉਣ ਵਾਲੀ ਹਰ ਸ਼ਿਕਾਇਤ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ, ਤਾਂ ਜੋ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਆਪਣੇ ਕਾਰੋਬਾਰ ਚਲਾਉਣ ਲਈ ਹੋਰ ਬਿਹਤਰ ਸਹੂਲਤਾਂ ਅਤੇ ਅਨੁਕੂਲ ਮਾਹੌਲ ਮਿਲ ਸਕੇ।
ਲੰਬਿਤ ਸ਼ਿਕਾਇਤਾਂ ਅਤੇ ਕਾਰਵਾਈ ਦੀ ਕੀਤੀ ਸਮੀਖਿਆ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਉਨ੍ਹਾਂ ਦੇ ਹੱਲ ਲਈ ਕੀਤੀ ਗਈ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਅਤੇ ਸਮੇਂ ਸਿਰ ਹੱਲ ਕਰਨਾ ਹੈ। ਪੋਰਟਲ ’ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦੀ ਵੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ।
ਟਰੇਡਰਜ਼ ਕਮਿਸ਼ਨ ਪ੍ਰਸ਼ਾਸਨ ਤੇ ਵਪਾਰੀਆਂ ਵਿਚਾਲੇ ਪੁਲ : ਅਨਿਲ ਠਾਕੁਰ
ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਦਾ ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ। ਕਮਿਸ਼ਨ ਪ੍ਰਸ਼ਾਸਨ ਅਤੇ ਵਪਾਰੀ ਵਰਗ ਵਿਚਾਲੇ ਇੱਕ ਪੁਲ ਵਜੋਂ ਕੰਮ ਕਰ ਰਿਹਾ ਹੈ ਤਾਂ ਜੋ ਕਾਰੋਬਾਰੀ ਵਰਗ ਦੀਆਂ ਸਮੱਸਿਆਵਾਂ ਸਿੱਧੇ ਸਬੰਧਤ ਵਿਭਾਗਾਂ ਤੱਕ ਪਹੁੰਚ ਸਕਣ।
ਉਨ੍ਹਾਂ ਅਧਿਕਾਰੀਆਂ ਨੂੰ ਪੋਰਟਲ ’ਤੇ ਪ੍ਰਾਪਤ ਹਰ ਸ਼ਿਕਾਇਤ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰਪਾਲ ਸਿੰਘ ਮਨੋਚਾ ਅਤੇ ਇੰਦਰਵੰਸ਼ ਸਿੰਘ ਚੱਢਾ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।