Tuesday, 16 June 2026
15 ਤੋਂ 21 ਜੂਨ ਤੱਕ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਚੇਤਾਵਨੀ

15 ਤੋਂ 21 ਜੂਨ ਤੱਕ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਮੀਂਹ ਦੇ ਆਸਾਰ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਚੇਤਾਵਨੀ

ਨਵੀਂ ਦਿੱਲੀ, ਪਬਲਿਕ ਟਾਈਮਜ਼ : ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਅਨੁਮਾਨ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ 15 ਤੋਂ 21 ਜੂਨ ਤੱਕ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਇਸ ਦੌਰਾਨ ਕਈ ਥਾਵਾਂ 'ਤੇ ਮੀਂਹ ਪੈਣ, ਗਰਜ-ਚਮਕ ਹੋਣ ਅਤੇ ਤੇਜ਼ ਰਫ਼ਤਾਰ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਖ਼ਾਸ ਤੌਰ 'ਤੇ ਪੰਜਾਬ ਅਤੇ ਹਰਿਆਣਾ ਵਿੱਚ 15 ਜੂਨ ਨੂੰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਆੰਧੀ ਜਾਂ ਤੂਫ਼ਾਨੀ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਨੇ 15 ਜੂਨ 2026 ਨੂੰ ਆਪਣਾ ਦਾਇਰਾ ਹੋਰ ਵਧਾਉਂਦੇ ਹੋਏ ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਬਾਕੀ ਇਲਾਕਿਆਂ ਦੇ ਨਾਲ-ਨਾਲ ਤੇਲੰਗਾਨਾ, ਓਡੀਸ਼ਾ, ਝਾਰਖੰਡ ਅਤੇ ਬਿਹਾਰ ਦੇ ਕੁਝ ਹੋਰ ਖੇਤਰਾਂ ਤੱਕ ਪਹੁੰਚ ਬਣਾ ਲਈ ਹੈ।

ਅਗਲੇ ਛੇ ਤੋਂ ਸੱਤ ਦਿਨਾਂ ਦੌਰਾਨ ਉਪ-ਹਿਮਾਲਈ ਪੱਛਮੀ ਬੰਗਾਲ, ਸਿੱਕਿਮ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਲੰਗਾਨਾ ਅਤੇ ਵਿਦਰਭ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਹੀਟ ਵੇਵ ਦੀ ਸਥਿਤੀ ਬਣੀ ਰਹਿ ਸਕਦੀ ਹੈ।

ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਵੀ ਮੌਸਮ ਸਰਗਰਮ ਰਹਿਣ ਦੀ ਉਮੀਦ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 15 ਤੋਂ 21 ਜੂਨ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਖੇਤਰਾਂ ਵਿੱਚ 18 ਤੋਂ 21 ਜੂਨ ਦੌਰਾਨ ਕਈ ਥਾਵਾਂ 'ਤੇ ਵਿਆਪਕ ਮੀਂਹ ਪੈਣ ਦੇ ਆਸਾਰ ਹਨ।

ਕੇਂਦਰੀ ਭਾਰਤ ਦੇ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਵਿਦਰਭ ਖੇਤਰ ਵਿੱਚ ਵੀ 15 ਤੋਂ 21 ਜੂਨ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਇਸੇ ਤਰ੍ਹਾਂ ਪੂਰਬੀ ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ, ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਓਡੀਸ਼ਾ ਵਿੱਚ ਵੀ ਬਾਰਿਸ਼ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਹੈ।

ਉੱਤਰ-ਪੂਰਬੀ ਸੂਬਿਆਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਕਾਫ਼ੀ ਵਿਆਪਕ ਵਰਖਾ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਦੱਖਣੀ ਭਾਰਤ ਵਿੱਚ ਕੇਰਲ, ਮਾਹੇ ਅਤੇ ਕਰਨਾਟਕ ਦੇ ਤੱਟੀ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੇ ਸੰਕੇਤ ਮਿਲ ਰਹੇ ਹਨ। ਤਾਪਮਾਨ ਦੇ ਮਾਮਲੇ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਦਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ।

ਇਸ ਤੋਂ ਇਲਾਵਾ ਕੋਨਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਓਡੀਸ਼ਾ ਵਿੱਚ 15 ਤੋਂ 17 ਜੂਨ ਤੱਕ ਗਰਮ ਅਤੇ ਨਮੀ ਭਰਿਆ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

Published on: 15 Jun 2026

Editor Info

Pushpinder Kaur
publictimes@gmail.com
+91 84278 93668