ਜਲੰਧਰ, 15 ਜੁਲਾਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 17 ਜੁਲਾਈ 2026 ਨੂੰ ਜ਼ਿਲ੍ਹਾ ਜਲੰਧਰ ਨੂੰ 'ਨੋ ਫਲਾਇੰਗ ਜ਼ੋਨ' ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ 17 ਜੁਲਾਈ ਨੂੰ ਦੁਪਹਿਰ 12:00 ਵਜੇ ਤੋਂ ਸ਼ਾਮ 8:00 ਵਜੇ ਤੱਕ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਸਿਵਲ ਰਿਮੋਟ ਪਾਇਲਟ ਏਅਰਕ੍ਰਾਫਟ ਸਿਸਟਮ (ਡਰੋਨ), ਹੈਲੀਕਾਪਟਰ ਜਾਂ ਹੋਰ ਸਿਵਲ ਉਡਾਣ ਵਾਲੇ ਜਹਾਜ਼ ਉਡਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਪ੍ਰਧਾਨ ਮੰਤਰੀ ਦੇ ਵੀਵੀਆਈਪੀ ਹੈਲੀਕਾਪਟਰ ਅਤੇ ਅਧਿਕਾਰਤ ਜਹਾਜ਼ਾਂ 'ਤੇ ਲਾਗੂ ਨਹੀਂ ਹੋਵੇਗੀ। ਇਹ ਕਦਮ ਵੀਵੀਆਈਪੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਚੁੱਕਿਆ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਡਰੋਨ ਆਪਰੇਟਰਾਂ, ਫੋਟੋਗ੍ਰਾਫਰਾਂ, ਵੀਡੀਓਗ੍ਰਾਫਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।
ਪ੍ਰਸ਼ਾਸਨ ਨੇ ਕਿਹਾ ਕਿ ਜਨਤਕ ਸੁਰੱਖਿਆ ਅਤੇ ਵੀਵੀਆਈਪੀ ਦੌਰੇ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।