Saturday, 29 August 2026
36 ਸਾਲ ਬਾਅਦ ਆਪਣੇ ਕਾਲਜ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ETO, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ

36 ਸਾਲ ਬਾਅਦ ਆਪਣੇ ਕਾਲਜ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ETO, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ

MGN ਕਾਲਜ ਜਲੰਧਰ ਤੋਂ 1989-90 ’ਚ ਕੀਤੀ ਸੀ B.Ed; ਅਧਿਆਪਕਾਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਕੀਤਾ ਪ੍ਰੇਰਿਤ

ਜਲੰਧਰ, 28 ਅਗਸਤ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ੁੱਕਰਵਾਰ ਨੂੰ ਜਲੰਧਰ ਦੇ ਐਮ.ਜੀ.ਐਨ. ਕਾਲਜ ਦਾ ਦੌਰਾ ਕਰਕੇ ਆਪਣੀਆਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕੀਤੀਆਂ। ਉਨ੍ਹਾਂ ਨੇ ਇਸੇ ਕਾਲਜ ਤੋਂ ਸਾਲ 1989-90 ਵਿੱਚ ਬੀ.ਐਡ. ਦੀ ਪੜ੍ਹਾਈ ਕੀਤੀ ਸੀ।

ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੂਹ ਸਟਾਫ਼ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਨਾਮ ਜੇਤੂਆਂ ਦੀ ਸੂਚੀ ’ਚ ਆਪਣਾ ਨਾਮ ਦੇਖ ਕੇ ਹੋਏ ਖੁਸ਼

ਕਾਲਜ ਸਟਾਫ਼ ਨਾਲ ਗੱਲਬਾਤ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੰਮੇ ਸਮੇਂ ਬਾਅਦ ਆਪਣੇ ਕਾਲਜ ਆ ਕੇ ਉਨ੍ਹਾਂ ਨੂੰ ਮਾਣ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਇਨਾਮ ਜੇਤੂਆਂ ਦੀ ਸੂਚੀ ਵਿੱਚ ਆਪਣਾ ਨਾਮ ਦੇਖ ਕੇ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ।

ਉਨ੍ਹਾਂ ਐਮ.ਜੀ.ਐਨ. ਕਾਲਜ ਨੂੰ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਸਥਾਨ ਰੱਖਣ ਵਾਲੀ ਸੰਸਥਾ ਦੱਸਦਿਆਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ, ਤਾਂ ਜੋ ਨੌਜਵਾਨ ਖੁਸ਼ਹਾਲ ਅਤੇ ਵਿਕਸਿਤ ਪੰਜਾਬ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾ ਸਕਣ।

ਸਿੱਖਿਆ ਖੇਤਰ ’ਚ ਵੱਡੇ ਬਦਲਾਅ ਦਾ ਦਾਅਵਾ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਿੱਛੇ ਛੱਡ ਕੇ ਦੇਸ਼ ਦਾ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਕੂਲ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਸੜਕੀ ਨੈੱਟਵਰਕ ਨੂੰ ਵੀ ਕੀਤਾ ਜਾ ਰਿਹਾ ਮਜ਼ਬੂਤ: ETO

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬਿਹਤਰ ਸੜਕੀ ਸੰਪਰਕ ਮੁਹੱਈਆ ਕਰਵਾਉਣ ਲਈ ਵੀ ਕਈ ਪ੍ਰਾਜੈਕਟਾਂ ’ਤੇ ਕੰਮ ਕਰ ਰਹੀ ਹੈ। ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਨਵੀਆਂ ਸੜਕਾਂ ਦਾ ਨੈੱਟਵਰਕ ਵਿਕਸਤ ਕੀਤਾ ਜਾ ਰਿਹਾ ਹੈ, ਜੋ ਸੂਬੇ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਲੂ ਝਾਂਗੀ ਨੇ ਕੈਬਨਿਟ ਮੰਤਰੀ ਨੂੰ ਐਮ.ਜੀ.ਐਨ. ਕਾਲਜ ਵੱਲੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

 

Published on: 28 Aug 2026

Editor Info

Pushpinder Kaur
publictimes@gmail.com
+91 84278 93668