Wednesday, 8 July 2026
650 ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਾ ਪਿੰਡਾਂ ਵਿੱਚ ਪ੍ਰਦਰਸ਼ਨ

650 ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਾ ਪਿੰਡਾਂ ਵਿੱਚ ਪ੍ਰਦਰਸ਼ਨ

ਜਲੰਧਰ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਅਭਿਆਨ ਦੇ ਅਧੀਨ ਵਿਸ਼ੇਸ਼ ਡਾਕੂਮੈਂਟਰੀ ਵੈਨਾਂ ਰਾਹੀਂ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜਿਕ ਯੋਗਦਾਨ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਮੰਗਲਵਾਰ ਸ਼ਾਮ ਕਰਤਾਰਪੁਰ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਅਤੇ ਨਕੋਦਰ ਹਲਕੇ ਦੇ ਪਿੰਡ ਆਧੀ ਵਿੱਚ ਵਿਸ਼ੇਸ਼ ਡਾਕੂਮੈਂਟਰੀ ਵੈਨ ਪਹੁੰਚੀ। ਵੈਨ 'ਤੇ ਲਗਾਈ ਗਈ ਐਲਈਡੀ ਸਕਰੀਨ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਫ਼ਰ, ਉਨ੍ਹਾਂ ਦੀ ਆਧਿਆਤਮਿਕ ਸੋਚ, ਸਮਾਜਿਕ ਸੁਧਾਰਾਂ, ਸਮਾਨਤਾ ਦੇ ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਕੀਤੇ ਮਹਾਨ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।

ਦਸਤਾਵੇਜ਼ੀ ਫਿਲਮ ਦੇ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ। ਹਾਜ਼ਰ ਲੋਕਾਂ ਨੇ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸਕ ਪਲਾਂ ਅਤੇ ਉਨ੍ਹਾਂ ਦੇ ਉੱਚੇ ਆਦਰਸ਼ਾਂ ਨੂੰ ਬੜੀ ਸ਼ਰਧਾ ਅਤੇ ਧਿਆਨ ਨਾਲ ਦੇਖਿਆ ਤੇ ਸੁਣਿਆ।

ਇਸ ਮੌਕੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੇਰਨਾਦਾਇਕ ਡਾਕੂਮੈਂਟਰੀ ਨੂੰ ਵੱਧ ਤੋਂ ਵੱਧ ਦੇਖਣ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ।

ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ਨੂੰ ਬਰਾਬਰੀ, ਸੇਵਾ, ਮਿਹਨਤ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਉਤਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਡਾਕੂਮੈਂਟਰੀ ਵੈਨ ਆਉਣ ਵਾਲੇ ਦਿਨਾਂ ਵਿੱਚ ਇਲਾਕੇ ਦੇ ਹੋਰ ਪਿੰਡਾਂ ਦਾ ਵੀ ਦੌਰਾ ਕਰੇਗੀ ਅਤੇ ਹਰ ਰੋਜ਼ ਦੋ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਮੁਹਿੰਮ ਨਵੀਂ ਪੀੜ੍ਹੀ ਨੂੰ ਆਪਣੀ ਮਹਾਨ ਧਾਰਮਿਕ ਅਤੇ ਸਮਾਜਿਕ ਵਿਰਾਸਤ ਨਾਲ ਜੋੜਨ ਵਿੱਚ ਸਹਾਇਕ ਸਾਬਤ ਹੋਵੇਗੀ।

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਨਤਾ, ਸਰਬ ਸਾਂਝੀਵਾਲਤਾ ਅਤੇ ਮਨੁੱਖੀ ਭਲਾਈ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਦੇ ਸਮੇਂ ਵਿੱਚ ਵੀ ਸਮਾਜ ਲਈ ਰਾਹ-ਦਰਸਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਯਤਨ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਇਹ ਡਾਕੂਮੈਂਟਰੀ ਵੈਨ ਪਹੁੰਚੇ, ਉੱਥੇ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਸੰਦੇਸ਼ ਤੋਂ ਪ੍ਰੇਰਣਾ ਪ੍ਰਾਪਤ ਕਰਨ।

ਕਰਤਾਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿੱਚ ਹੋਏ ਇਸ ਸਮਾਗਮ ਦੌਰਾਨ ਵਿਧਾਇਕ ਬਲਕਾਰ ਸਿੰਘ ਦੀ ਧਰਮਪਤਨੀ ਹਰਪ੍ਰੀਤ ਕੌਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਵੀ ਹਾਜ਼ਰ ਰਹੀ।

Published on: 08 Jul 2026

Editor Info

Pushpinder Kaur
publictimes@gmail.com
+91 84278 93668