Thursday, 13 August 2026
80ਵਾਂ ਆਜ਼ਾਦੀ ਦਿਹਾੜਾ: ਜਲੰਧਰ ’ਚ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

80ਵਾਂ ਆਜ਼ਾਦੀ ਦਿਹਾੜਾ: ਜਲੰਧਰ ’ਚ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਲਹਿਰਾਇਆ ਕੌਮੀ ਝੰਡਾ, 15 ਅਗਸਤ ਨੂੰ ਕੈਬਨਿਟ ਮੰਤਰੀ ਮੋਹਿੰਦਰ ਭਗਤ ਲਹਿਰਾਉਣਗੇ ਤਿਰੰਗਾ

ਜਲੰਧਰ, 13 ਅਗਸਤ: 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵੀਰਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਡੀ.ਸੀ.ਪੀ. ਪਰਮਿੰਦਰ ਸਿੰਘ ਹੀਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ।

ਪਰੇਡ ਦੇ ਨਿਰੀਖਣ ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਕਮਾਂਡਰ ਆਤਿਸ਼ ਭਾਟੀਆ ਦੀ ਅਗਵਾਈ ਹੇਠ ਕੱਢੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਵਿੱਚ ਇੰਡੋ-ਤਿਬਤੀਅਨ ਬਾਰਡਰ ਪੁਲਿਸ, ਪੰਜਾਬ ਪੁਲਿਸ ਪੁਰਸ਼ ਅਤੇ ਮਹਿਲਾ ਵਿੰਗ, ਪੀ.ਆਰ.ਟੀ.ਸੀ. ਜਹਾਨ ਖੇਲਾਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਲੜਕੇ ਅਤੇ ਲੜਕੀਆਂ ਸਮੇਤ ਵੱਖ-ਵੱਖ ਸਕੂਲਾਂ ਦੇ ਸਕਾਊਟਸ ਤੇ ਗਰਲ ਗਾਈਡਜ਼ ਨੇ ਹਿੱਸਾ ਲਿਆ। ਸੀ.ਆਰ.ਪੀ.ਐਫ. ਦੇ ਬੈਂਡ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਇਸ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਸ ਪੀ.ਟੀ. ਸ਼ੋਅ ਦੇ ਨਾਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।

15 ਅਗਸਤ ਨੂੰ ਮੋਹਿੰਦਰ ਭਗਤ ਲਹਿਰਾਉਣਗੇ ਕੌਮੀ ਝੰਡਾ

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਕੌਮੀ ਝੰਡਾ ਲਹਿਰਾਉਣਗੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮਾਗਮ ਦੇ ਸਾਰੇ ਪ੍ਰਬੰਧ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਐਂਟਰੀ, ਬੈਠਣ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ।

ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਆਵਾਜਾਈ ਅਤੇ ਪਾਰਕਿੰਗ ਦੀ ਸੁਚਾਰੂ ਵਿਵਸਥਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਹੋਵੇਗਾ ਸਨਮਾਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਜਲੰਧਰ ਵਾਸੀਆਂ ਨੂੰ ਵੀ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਵਰੁਣ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Published on: 13 Aug 2026

Editor Info

Pushpinder Kaur
publictimes@gmail.com
+91 84278 93668