ਬਠਿੰਡਾ ’ਚੋਂ .32 ਬੋਰ ਦਾ ਨਾਜਾਇਜ਼ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ, ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸੀ ਯੋਜਨਾ : ਪੁਲਿਸ
ਬਠਿੰਡਾ, 11 ਅਗਸਤ: ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਕਰਦਿਆਂ ਵਿਦੇਸ਼ ਅਧਾਰਿਤ ਗੈਂਗਸਟਰ ਨੈੱਟਵਰਕ ਨਾਲ ਕਥਿਤ ਤੌਰ ’ਤੇ ਜੁੜੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਦੇਸੀ ਬਣਿਆ ਨਾਜਾਇਜ਼ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਾਸੀ ਪਿੰਡ ਬੀੜ ਬਹਿਮਣ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਦੇ ਨਿਰਦੇਸ਼ਾਂ ’ਤੇ ਨਾਜਾਇਜ਼ ਹਥਿਆਰ ਹਾਸਲ ਕੀਤਾ ਸੀ। ਪੁਲਿਸ ਮੁਤਾਬਕ ਉਹ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (AGTF) ਪ੍ਰਮੋਦ ਬਾਨ ਨੇ ਦੱਸਿਆ ਕਿ AGTF ਦੀਆਂ ਟੀਮਾਂ ਰੁਟੀਨ ਗਸ਼ਤ ’ਤੇ ਸਨ। ਇਸ ਦੌਰਾਨ ਬਠਿੰਡਾ ਦੇ ਰਾਜਿੰਦਰਾ ਕਾਲਜ ਦੀ ਚਾਰਦੀਵਾਰੀ ਨੇੜੇ ਇੱਕ ਵਿਅਕਤੀ ਸ਼ੱਕੀ ਹਾਲਤ ਵਿੱਚ ਖੜ੍ਹਾ ਦਿਖਾਈ ਦਿੱਤਾ।
ਪੁਲਿਸ ਦੀ ਗੱਡੀ ਨੂੰ ਦੇਖ ਕੇ ਉਹ ਘਬਰਾ ਗਿਆ। ਉਸ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ’ਤੇ ਪੁਲਿਸ ਟੀਮ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਉਸ ਨੇ ਆਪਣੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ ਵਜੋਂ ਦੱਸੀ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ।
ਪੁਲਿਸ ਅਨੁਸਾਰ ਜੱਸਾ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ ਸਮੇਤ ਹੋਰ ਮਾਮਲੇ ਦਰਜ ਹਨ।
ਇਸ ਮਾਮਲੇ ਵਿੱਚ ਥਾਣਾ ਕੋਤਵਾਲੀ, ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਨਵੀਂ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਪੁਲਿਸ ਵੱਲੋਂ ਹੁਣ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਦੇਸ਼ ਅਧਾਰਿਤ ਗੈਂਗਸਟਰ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਥਿਆਰ ਕਿਸ ਵਾਰਦਾਤ ਲਈ ਵਰਤਿਆ ਜਾਣਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ, ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।