ਜਲੰਧਰ, 28 ਜੁਲਾਈ: ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਘਰ-ਘਰ ਸਰਵੇ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਕਿਹਾ ਕਿ ਉਨ੍ਹਾਂ ਦੀ ਵਚਨਬੱਧਤਾ, ਮਿਹਨਤ ਅਤੇ ਕਾਰਗੁਜ਼ਾਰੀ ਨੇ ਜ਼ਿਲ੍ਹੇ ਦੇ ਹੋਰ ਬੂਥ ਲੈਵਲ ਅਫ਼ਸਰਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਸਨਮਾਨਿਤ ਕੀਤੇ ਗਏ ਅਧਿਕਾਰੀਆਂ ਨੇ ਪੂਰੀ ਨਿਸ਼ਠਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਘਰ-ਘਰ ਸਰਵੇ ਦਾ ਕੰਮ ਪੂਰਾ ਕੀਤਾ ਹੈ, ਜੋ ਹੋਰਨਾਂ ਕਰਮਚਾਰੀਆਂ ਲਈ ਵੀ ਪ੍ਰੇਰਣਾਦਾਇਕ ਹੈ।
ਹੋਰ ਬੀ.ਐਲ.ਓਜ਼ ਨੂੰ ਵੀ ਸਰਵੇ ਜਲਦੀ ਮੁਕੰਮਲ ਕਰਨ ਦੀ ਅਪੀਲ
ਵਰਜੀਤ ਵਾਲੀਆ ਨੇ ਬਾਕੀ ਸਾਰੇ ਬੂਥ ਲੈਵਲ ਅਫ਼ਸਰਾਂ ਨੂੰ ਵੀ ਘਰ-ਘਰ ਸਰਵੇ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਸ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹਨ ਅਤੇ ਇਸ ਕਾਰਜ ਵਿੱਚ ਹਰ ਬੀ.ਐਲ.ਓ. ਦੀ ਭੂਮਿਕਾ ਅਹਿਮ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਹਾਜ਼ਰ ਸਨ।
ਇਨ੍ਹਾਂ ਬੀ.ਐਲ.ਓਜ਼ ਨੂੰ ਕੀਤਾ ਗਿਆ ਸਨਮਾਨਿਤ
ਸਨਮਾਨਿਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵਿੱਚ ਵਿਧਾਨ ਸਭਾ ਹਲਕਾ ਫਿਲੌਰ, ਨਕੋਦਰ, ਸ਼ਾਹਕੋਟ, ਜਲੰਧਰ ਪੱਛਮੀ, ਜਲੰਧਰ ਉੱਤਰੀ ਅਤੇ ਜਲੰਧਰ ਛਾਉਣੀ ਦੇ ਕੁੱਲ 32 ਬੀ.ਐਲ.ਓਜ਼ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ-ਆਪਣੇ ਬੂਥਾਂ 'ਤੇ ਐਸ.ਆਈ.ਆਰ.-2026 ਤਹਿਤ ਘਰ-ਘਰ ਸਰਵੇ ਦਾ ਕੰਮ ਸਮੇਂ ਤੋਂ ਪਹਿਲਾਂ ਸਫ਼ਲਤਾਪੂਰਵਕ ਪੂਰਾ ਕੀਤਾ।