Monday, 17 August 2026
ਐਸ.ਆਈ.ਆਰ.-2026: ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪ

ਐਸ.ਆਈ.ਆਰ.-2026: ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪ

ਡ੍ਰਾਫ਼ਟ ਵੋਟਰ ਸੂਚੀ ’ਚ ਨਾਮ ਤੇ ਵੇਰਵੇ ਜਾਂਚਣ ਪਹੁੰਚੇ ਵੋਟਰ, 12 ਸਤੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼

ਜਲੰਧਰ, 16 ਅਗਸਤ: ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਤਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਪ੍ਰਕਾਸ਼ਿਤ ਕੀਤੀ ਗਈ ਡ੍ਰਾਫ਼ਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਦੀ ਸਹੂਲਤ ਮੁਹੱਈਆ ਕਰਵਾਉਣਾ ਸੀ।

ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਡ੍ਰਾਫ਼ਟ ਵੋਟਰ ਸੂਚੀਆਂ ਉਪਲਬਧ ਕਰਵਾਈਆਂ ਗਈਆਂ। ਬੀ.ਐਲ.ਓਜ਼ ਨੇ ਵੋਟਰਾਂ ਨੂੰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਚੈੱਕ ਕਰਨ ਵਿੱਚ ਸਹਿਯੋਗ ਦੇਣ ਦੇ ਨਾਲ ਕਿਸੇ ਤਰ੍ਹਾਂ ਦੀ ਗਲਤੀ ਜਾਂ ਕਮੀ ਹੋਣ ਦੀ ਸੂਰਤ ਵਿੱਚ ਦਾਅਵਾ ਜਾਂ ਇਤਰਾਜ਼ ਦਰਜ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ।

12 ਸਤੰਬਰ ਤੱਕ ਦਾਇਰ ਕਰ ਸਕਦੇ ਹਨ ਦਾਅਵੇ ਤੇ ਇਤਰਾਜ਼

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਡ੍ਰਾਫ਼ਟ ਵੋਟਰ ਸੂਚੀ ਵਿੱਚ ਦਰਜ ਆਪਣੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਜ਼ਰੂਰ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਜਾਂ ਦਰਜ ਵੇਰਵਿਆਂ ਵਿੱਚ ਕੋਈ ਗਲਤੀ ਹੈ ਤਾਂ ਉਹ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ 12 ਸਤੰਬਰ 2026 ਤੱਕ ਨਿਰਧਾਰਤ ਫਾਰਮ ਰਾਹੀਂ ਦਾਅਵਾ ਜਾਂ ਇਤਰਾਜ਼ ਦਾਇਰ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਸਹੀ ਅਤੇ ਅਪਡੇਟ ਰੱਖਣ ਲਈ ਵੋਟਰਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ।

ਆਨਲਾਈਨ ਵੀ ਦੇਖੀ ਜਾ ਸਕਦੀ ਹੈ ਡ੍ਰਾਫ਼ਟ ਵੋਟਰ ਸੂਚੀ

ਡ੍ਰਾਫ਼ਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ ਅਤੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਦੇਖੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਵੀ ਉਪਲਬਧ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਦਾ ਮੁੱਖ ਮਕਸਦ ਪਾਰਦਰਸ਼ੀ, ਤਰੁੱਟੀ-ਰਹਿਤ ਅਤੇ ਸਮਾਵੇਸ਼ੀ ਵੋਟਰ ਸੂਚੀ ਯਕੀਨੀ ਬਣਾਉਣਾ ਹੈ, ਤਾਂ ਜੋ ਹਰੇਕ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।

ਜ਼ਿਕਰਯੋਗ ਹੈ ਕਿ ਨੋਟਿਸ ਪੜਾਅ ਅਤੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

Published on: 17 Aug 2026

Editor Info

Pushpinder Kaur
publictimes@gmail.com
+91 84278 93668