Friday, 21 August 2026
ਐਸ.ਆਈ.ਆਰ.-2026: ਜਲੰਧਰ ਦੇ ਸਕੂਲਾਂ-ਕਾਲਜਾਂ ’ਚ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ

ਐਸ.ਆਈ.ਆਰ.-2026: ਜਲੰਧਰ ਦੇ ਸਕੂਲਾਂ-ਕਾਲਜਾਂ ’ਚ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ

ਵਿਦਿਅਕ ਅਦਾਰਿਆਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੀਆਂ ਹਦਾਇਤਾਂ, 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਕੀਤਾ ਜਾਵੇਗਾ ਰਜਿਸਟਰ

ਜਲੰਧਰ, 21 ਅਗਸਤ: ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਜਲੰਧਰ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮੁਹਿੰਮ 12 ਸਤੰਬਰ 2026 ਤੱਕ ਜਾਰੀ ਰਹੇਗੀ। ਇਸ ਦੌਰਾਨ ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਸਮੇਂ-ਸਮੇਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਕੀਤਾ ਜਾਵੇਗਾ।

ਉਨ੍ਹਾਂ ਵਿਦਿਅਕ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਵਿਦਿਆਰਥੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ।

ਹਰ ਸਕੂਲ, ਕਾਲਜ ਤੇ ਯੂਨੀਵਰਸਿਟੀ ’ਚ ਬਣੇਗਾ ਨੋਡਲ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ ਨੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਇਸ ਕੰਮ ਲਈ ਇੱਕ-ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਵਿਦਿਅਕ ਅਦਾਰਿਆਂ ਵਿੱਚ ਬਣੇ ਇਲੈਕਟੋਰਲ ਲਿਟਰੇਸੀ ਕਲੱਬਾਂ ਅਤੇ ਕੈਂਪਸ ਅੰਬੈਸਡਰਾਂ ਰਾਹੀਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ ਹੈ।

ਵਰਜੀਤ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਨਾ ਸਿਰਫ਼ ਵੋਟਰ ਵਜੋਂ ਰਜਿਸਟਰ ਕਰਨਾ ਜ਼ਰੂਰੀ ਹੈ, ਸਗੋਂ ਉਨ੍ਹਾਂ ਨੂੰ ਵੋਟ ਦੀ ਮਹੱਤਤਾ ਅਤੇ ਭਾਰਤੀ ਲੋਕਤੰਤਰ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਵੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।

ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਨਾਲ ਬਣਵਾ ਸਕਦੇ ਹਨ ਵੋਟ

ਯੋਗ ਵਿਦਿਆਰਥੀ ਆਪਣੀ ਵੋਟ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਦੇ Voters' Service Portal ਜਾਂ ECINET App ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ।

ਇਸ ਤੋਂ ਇਲਾਵਾ ਵਿਦਿਆਰਥੀ ਫਾਰਮ ਨੰਬਰ 6 ਭਰ ਕੇ ਆਪਣੇ ਸਬੰਧਤ ਪੋਲਿੰਗ ਬੂਥ ਦੇ ਬੂਥ ਲੈਵਲ ਅਫ਼ਸਰ (BLO) ਕੋਲ ਜਮ੍ਹਾਂ ਕਰਵਾ ਕੇ ਵੀ ਵੋਟਰ ਵਜੋਂ ਰਜਿਸਟਰ ਹੋ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ, ਤਾਂ ਜੋ ਲੋਕਤੰਤਰੀ ਪ੍ਰਕਿਰਿਆ ਵਿੱਚ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।

Published on: 21 Aug 2026

Editor Info

Pushpinder Kaur
publictimes@gmail.com
+91 84278 93668