ਜਲੰਧਰ, 10 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਜਲੰਧਰ ਦੇ ਸਮੂਹ ਪੋਲਿੰਗ ਬੂਥਾਂ 'ਤੇ 11 ਅਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਵੋਟਰਾਂ ਤੋਂ ਗਣਨਾ ਫਾਰਮ ਪ੍ਰਾਪਤ ਕਰਨਾ, ਉਨ੍ਹਾਂ ਦੀ ਜਾਂਚ ਅਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਦੋਵੇਂ ਦਿਨ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਏ ਜਾਣਗੇ। ਇਸ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਐਸ.ਆਈ.ਆਰ.-2026 ਤਹਿਤ ਘਰ-ਘਰ ਗਣਨਾ ਦਾ ਕੰਮ 25 ਜੂਨ ਤੋਂ ਜਾਰੀ ਹੈ, ਜੋ 24 ਜੁਲਾਈ ਤੱਕ ਚੱਲੇਗਾ। ਇਸ ਦੌਰਾਨ ਜਿਨ੍ਹਾਂ ਬੂਥਾਂ 'ਤੇ ਫਾਰਮਾਂ ਦੀ ਪ੍ਰਾਪਤੀ ਜਾਂ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਹੈ, ਉੱਥੇ ਇਸ ਨੂੰ ਤਰਜੀਹ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ। ਜਿਨ੍ਹਾਂ ਬੀ.ਐਲ.ਓਜ਼ ਨੇ ਪਹਿਲਾਂ ਹੀ ਵਧੀਆ ਪ੍ਰਗਤੀ ਹਾਸਲ ਕਰ ਲਈ ਹੈ, ਉਨ੍ਹਾਂ ਨੂੰ ਬਾਕੀ ਰਹਿੰਦੇ ਕੰਮ ਅਤੇ ਸੰਭਾਵਿਤ ਤਰੁੱਟੀਆਂ ਨੂੰ ਦੂਰ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਸ ਲਈ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਨੂੰ ਪੂਰੀ ਤਰ੍ਹਾਂ ਸਮੇਂ ਸਿਰ ਮੁਕੰਮਲ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਬਾਰੇ ਲੋਕਾਂ ਨੂੰ ਵੱਖ-ਵੱਖ ਸੰਚਾਰ ਮਾਧਿਅਮਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦੇ ਬੂਥ ਲੈਵਲ ਏਜੰਟ (ਬੀ.ਐਲ.ਏ.) ਵੋਟਰਾਂ ਨੂੰ ਕੈਂਪਾਂ ਵਿੱਚ ਸ਼ਮੂਲੀਅਤ ਲਈ ਪ੍ਰੇਰਿਤ ਕਰ ਸਕਣ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ 11 ਜਾਂ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਪੂਰੀ ਕਰਨ, ਤਾਂ ਜੋ ਡ੍ਰਾਫਟ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਸਹੀ ਢੰਗ ਨਾਲ ਸ਼ਾਮਲ ਕੀਤਾ ਜਾ ਸਕੇ।