ਜਲੰਧਰ, 12 ਜੁਲਾਈ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਤਹਿਤ ਜ਼ਿਲ੍ਹਾ ਜਲੰਧਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਸੰਪੰਨ ਹੋ ਗਏ। ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਆਪਣੇ ਇਨਿਊਮਰੇਸ਼ਨ (ਗਣਨਾ) ਫਾਰਮ ਭਰ ਕੇ ਜਮ੍ਹਾਂ ਕਰਵਾਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਦਿਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਗਣਨਾ ਫਾਰਮਾਂ ਦੀ ਪ੍ਰਾਪਤੀ, ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨਾ ਸੀ। ਕੈਂਪਾਂ ਦੌਰਾਨ ਪ੍ਰਾਪਤ ਹੋਏ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਵੀ ਨਾਲੋ-ਨਾਲ ਕੀਤੀ ਗਈ, ਜਿਸ ਨਾਲ ਵੋਟਰ ਸੂਚੀ ਦੇ ਨਵੀਨੀਕਰਨ ਦੀ ਪ੍ਰਕਿਰਿਆ ਨੂੰ ਹੋਰ ਗਤੀ ਮਿਲੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਐੱਸ.ਆਈ.ਆਰ.-2026 ਤਹਿਤ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ 24 ਜੁਲਾਈ 2026 ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੇ ਯੋਗ ਵੋਟਰ ਕਿਸੇ ਕਾਰਨ ਵਿਸ਼ੇਸ਼ ਕੈਂਪਾਂ ਦੌਰਾਨ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ, ਉਹ ਆਪਣੇ ਸਬੰਧਤ ਬੀ.ਐੱਲ.ਓ. ਨਾਲ ਸੰਪਰਕ ਕਰਕੇ ਇਹ ਪ੍ਰਕਿਰਿਆ ਜਲਦੀ ਪੂਰੀ ਕਰਨ।
ਵਰਜੀਤ ਵਾਲੀਆ ਨੇ ਲੋਕਾਂ ਨੂੰ ਸਮੇਂ ਸਿਰ ਗਣਨਾ ਫਾਰਮ ਜਮ੍ਹਾਂ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਇਹ ਵੀ ਦੱਸਿਆ ਕਿ ਐੱਸ.ਆਈ.ਆਰ.-2026 ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਟੋਲ-ਫ੍ਰੀ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰ ਸਕਦੇ ਹਨ।