ਤਰਨਤਾਰਨ ਦਾ 28 ਸਾਲਾ ਟਰੱਕ ਡਰਾਈਵਰ ਗ੍ਰਿਫ਼ਤਾਰ; ਵਿਦੇਸ਼ੀ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਜਾਂਚ ਜਾਰੀ
ਅੰਮ੍ਰਿਤਸਰ, 4 ਅਕਤੂਬਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਸਪਲਾਈ ਨਾਲ ਜੁੜੇ ਇੱਕ ਕਥਿਤ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਇੱਕ AK-47 ਅਸਾਲਟ ਰਾਈਫਲ, 9 ਜ਼ਿੰਦਾ ਕਾਰਤੂਸ ਅਤੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ਖੁਰਦ ਦੇ ਰਹਿਣ ਵਾਲੇ 28 ਸਾਲਾ ਨਵਜੋਤ ਸਿੰਘ ਉਰਫ਼ ਬੱਬਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਦੱਸਿਆ ਜਾ ਰਿਹਾ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਤਵਾਰ ਨੂੰ ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਦੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਕਥਿਤ ਸਬੰਧ ਹੋਣ ਦੇ ਸੰਕੇਤ ਮਿਲੇ ਹਨ। ਪੁਲਿਸ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਅੱਗੇ ਪਹੁੰਚਾਉਣ ਨਾਲ ਜੁੜਿਆ ਹੋਇਆ ਸੀ।
ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਕਾਰਵਾਈ
ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਪੁਖ਼ਤਾ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕੀਤੀ।
ਪੁਲਿਸ ਨੇ ਮੋਟਰਸਾਈਕਲ ’ਤੇ ਜਾ ਰਹੇ ਨਵਜੋਤ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਉਸ ਕੋਲੋਂ ਇੱਕ AK-47 ਰਾਈਫਲ, ਇੱਕ ਮੈਗਜ਼ੀਨ, 9 ਜ਼ਿੰਦਾ ਕਾਰਤੂਸ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ। ਪੁਲਿਸ ਨੇ ਖੇਪ ਲਿਜਾਣ ਲਈ ਕਥਿਤ ਤੌਰ ’ਤੇ ਵਰਤਿਆ ਗਿਆ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਥਾਣਾ ਘਰਿੰਡਾ ’ਚ ਮਾਮਲਾ ਦਰਜ
ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਐੱਸ.ਪੀ. (ਇਨਵੈਸਟੀਗੇਸ਼ਨ) ਰਮਨਦੀਪ ਸਿੰਘ, ਡੀ.ਐੱਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐੱਸ.ਪੀ. (ਅਟਾਰੀ) ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ।
ਇਸ ਸਬੰਧੀ ਥਾਣਾ ਘਰਿੰਡਾ ਵਿਖੇ 30 ਸਤੰਬਰ 2026 ਨੂੰ ਐੱਫ.ਆਈ.ਆਰ. ਨੰਬਰ 425 ਦਰਜ ਕੀਤੀ ਗਈ ਹੈ। ਪੁਲਿਸ ਮੁਤਾਬਕ ਮਾਮਲੇ ਵਿੱਚ ਆਰਮਜ਼ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਲਗਾਈਆਂ ਗਈਆਂ ਹਨ।
ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਇਹ ਖੇਪ ਕਿੱਥੋਂ ਆਈ ਸੀ ਅਤੇ ਇਸ ਨੂੰ ਅੱਗੇ ਕਿਸ ਤੱਕ ਪਹੁੰਚਾਇਆ ਜਾਣਾ ਸੀ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਬੈਠੇ ਕਥਿਤ ਤਸਕਰਾਂ ਅਤੇ ਪੰਜਾਬ ਵਿੱਚ ਉਨ੍ਹਾਂ ਦੇ ਸੰਪਰਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਚਾਰ ਦਿਨਾਂ ’ਚ ਦੂਜੀ ਵਾਰ ਅਸਾਲਟ ਰਾਈਫਲ ਬਰਾਮਦ
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਚਾਰ ਦਿਨਾਂ ਦੇ ਅੰਦਰ ਅਸਾਲਟ ਰਾਈਫਲ ਦੀ ਬਰਾਮਦਗੀ ਦਾ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ।
ਇਸ ਤੋਂ ਪਹਿਲਾਂ 30 ਸਤੰਬਰ ਨੂੰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਤੋਂ ਵੱਧ ਹੈਰੋਇਨ, ਇੱਕ AK-47, ਇੱਕ AK-56 ਰਾਈਫਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖੇਗੀ। ਪੁਲਿਸ ਅਨੁਸਾਰ ਮੌਜੂਦਾ ਮਾਮਲੇ ਵਿੱਚ ਨੈੱਟਵਰਕ ਦੇ ਬੈਕਵਰਡ ਅਤੇ ਫਾਰਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਸੰਭਾਵਨਾ ਹੈ।