Wednesday, 19 August 2026
ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਤਸਕਰੀ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਤਸਕਰੀ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 9 ਮੁਲਜ਼ਮ ਗ੍ਰਿਫ਼ਤਾਰ

8 ਪਿਸਤੌਲ, 8.536 ਕਿਲੋ ਹੈਰੋਇਨ, 12.95 ਲੱਖ ਰੁਪਏ ਦੀ ਡਰੱਗ ਮਨੀ ਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ

ਵਿਦੇਸ਼ ਬੈਠੇ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ ਮੁਲਜ਼ਮ, ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਜਾਰੀ

ਅੰਮ੍ਰਿਤਸਰ, 19 ਅਗਸਤ: ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 8 ਗੈਰ-ਕਾਨੂੰਨੀ ਪਿਸਤੌਲ, 8.536 ਕਿਲੋ ਹੈਰੋਇਨ, 12.95 ਲੱਖ ਰੁਪਏ ਦੀ ਸ਼ੱਕੀ ਡਰੱਗ ਮਨੀ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਤੋਂ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਹਾਸਲ ਕਰਨ ਤੋਂ ਬਾਅਦ ਇਹ ਸਮੱਗਰੀ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਈ ਜਾਂਦੀ ਸੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਹੋਈ ਪਛਾਣ

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਰਸ਼ਨ ਸਿੰਘ ਉਰਫ਼ ਚੰਨਾ (25), ਸਤਨਾਮ ਸਿੰਘ (46), ਮਹਾਬੀਰ ਸਿੰਘ (34), ਲਵਪ੍ਰੀਤ ਸਿੰਘ ਉਰਫ਼ ਫੂਲਾ ਉਰਫ਼ ਲਵ (24), ਹਰਮਨ ਸਿੰਘ ਉਰਫ਼ ਹੰਮਾ (23), ਨਰਿੰਦਰ ਸਿੰਘ ਉਰਫ਼ ਰੋਬਾ (26), ਕਰਨ ਸਿੰਘ ਉਰਫ਼ ਕਰਨ (22), ਗੁਰਜੰਟ ਸਿੰਘ ਉਰਫ਼ ਘੁੱਢਾ (24) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ।

ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਕੁਝ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਹੋਰ ਅਪਰਾਧਾਂ ਨਾਲ ਸਬੰਧਤ ਮਾਮਲੇ ਦਰਜ ਹਨ। ਗ੍ਰਿਫ਼ਤਾਰ ਗੁਰਜੰਟ ਸਿੰਘ ਅਤੇ ਗੁਰਪ੍ਰੀਤ ਸਿੰਘ ਆਪਸ ਵਿੱਚ ਭਰਾ ਦੱਸੇ ਜਾ ਰਹੇ ਹਨ।

ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ ਹੋਈ ਵੱਡੀ ਬਰਾਮਦਗੀ

ਪੁਲਿਸ ਨੇ ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ ਇਹ ਬਰਾਮਦਗੀਆਂ ਕੀਤੀਆਂ। ਇੱਕ ਮਾਮਲੇ ਵਿੱਚ ਕਈ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪਿਸਤੌਲ ਬਰਾਮਦ ਕੀਤੇ ਗਏ।

ਦੂਜੀ ਕਾਰਵਾਈ ਦੌਰਾਨ ਪੁਲਿਸ ਨੇ ਕਰੀਬ 3.5 ਕਿਲੋ ਹੈਰੋਇਨ, ਇੱਕ ਪਿਸਤੌਲ, ਕਾਰਤੂਸ, 12 ਲੱਖ ਰੁਪਏ ਤੋਂ ਵੱਧ ਦੀ ਨਕਦੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਤੀਜੀ ਕਾਰਵਾਈ ਵਿੱਚ 5 ਕਿਲੋ ਤੋਂ ਵੱਧ ਹੈਰੋਇਨ, ਇੱਕ ਹੋਰ ਪਿਸਤੌਲ ਅਤੇ ਨਕਦੀ ਬਰਾਮਦ ਕੀਤੀ ਗਈ।

ਬਰਾਮਦ ਕੀਤੇ ਗਏ ਅੱਠ ਹਥਿਆਰਾਂ ਵਿੱਚ ਤਿੰਨ .30 ਬੋਰ ਪਿਸਤੌਲ, ਚਾਰ 9 ਐਮ.ਐਮ. ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹੈ।

ਤਿੰਨ ਵੱਖ-ਵੱਖ ਐਫਆਈਆਰ ਦਰਜ

ਇਨ੍ਹਾਂ ਮਾਮਲਿਆਂ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਕੈਂਟੋਨਮੈਂਟ ਅਤੇ ਛੇਹਰਟਾ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਮੁਤਾਬਕ ਪੁਲਿਸ ਹੁਣ ਇਨ੍ਹਾਂ ਨੈੱਟਵਰਕਾਂ ਦੇ ਪੂਰੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਦੀ ਜਾਂਚ ਕਰ ਰਹੀ ਹੈ। ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਵਿਦੇਸ਼ ਬੈਠੇ ਹੈਂਡਲਰਾਂ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ ਅਤੇ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਅੱਗੇ ਕਿੱਥੇ-ਕਿੱਥੇ ਕੀਤੀ ਜਾਂਦੀ ਸੀ।

ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਤੋੜਨ ਲਈ ਕਾਰਵਾਈ ਜਾਰੀ ਰਹੇਗੀ। ਜਾਂਚ ਅੱਗੇ ਵਧਣ ਦੇ ਨਾਲ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Published on: 19 Aug 2026

Editor Info

Pushpinder Kaur
publictimes@gmail.com
+91 84278 93668