Saturday, 6 June 2026
ਡਾ. ਰਮਨਦੀਪ ਸਿੰਘ ਨੇ ਲਗਾਏ ਅਗਵਾ ਅਤੇ ਜਾਨਲੇਵਾ ਹਮਲੇ ਦੇ ਦੋਸ਼, ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੀਐਮ ਅਤੇ ਡੀਜੀਪੀ ਕੋਲੋਂ ਮੰਗ

ਡਾ. ਰਮਨਦੀਪ ਸਿੰਘ ਨੇ ਲਗਾਏ ਅਗਵਾ ਅਤੇ ਜਾਨਲੇਵਾ ਹਮਲੇ ਦੇ ਦੋਸ਼, ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੀਐਮ ਅਤੇ ਡੀਜੀਪੀ ਕੋਲੋਂ ਮੰਗ

ਪਟਿਆਲਾ/ਜਲੰਧਰ: ਮੁਹਾਲੀ ਵਿੱਚ ਤੈਨਾਤ ਡਾਕਟਰ ਰਮਨਦੀਪ ਸਿੰਘ (ਐਮਬੀਬੀਐਸ, ਐਮਐਸ) ਨੇ ਆਪਣੇ ਉੱਤੇ ਹੋਏ ਕਥਿਤ ਜਾਨਲੇਵਾ ਹਮਲੇ ਅਤੇ ਅਗਵਾ ਕਰਨ ਦੀ ਘਟਨਾ ਸਬੰਧੀ ਪਟਿਆਲਾ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਜਲੰਧਰ ਦੇ ਜੈਮਲ ਨਗਰ ਨਾਲ ਸੰਬੰਧਤ ਡਾ. ਰਮਨਦੀਪ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਰਾਜਿੰਦਰਾ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿੱਚ ਤੈਨਾਤ ਰਹਿ ਚੁੱਕੇ ਹਨ ਅਤੇ ਸਾਲ 2025 ਦੌਰਾਨ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ ਸਨ।

ਉਨ੍ਹਾਂ ਦੇ ਅਨੁਸਾਰ ਦਸੰਬਰ 2025 ਵਿੱਚ ਰਾਜਿੰਦਰਾ ਹਸਪਤਾਲ ਵਿੱਚ ਇੱਕ ਡਾਕਟਰ ਅਤੇ ਜਸਕਰਨ ਸਿੰਘ ਧਾਲੀਵਾਲ ਵਿਚਕਾਰ ਹੋਏ ਵਿਵਾਦ ਦੌਰਾਨ ਉਨ੍ਹਾਂ ਨੇ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਸੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਰਾਜ਼ੀਨਾਮਾ ਹੋ ਗਿਆ ਸੀ। ਡਾ. ਰਮਨਦੀਪ ਦਾ ਦਾਅਵਾ ਹੈ ਕਿ ਇਸ ਘਟਨਾ ਤੋਂ ਬਾਅਦ ਮੁੱਖ ਦੋਸ਼ੀ ਨੇ ਉਨ੍ਹਾਂ ਨਾਲ ਰੰਜਿਸ਼ ਰੱਖੀ।

ਡਾ. ਰਮਨਦੀਪ ਸਿੰਘ ਨੇ ਦੱਸਿਆ ਕਿ 10 ਮਈ 2026 ਨੂੰ ਉਹ ਆਪਣੇ ਇੱਕ ਸਾਥੀ ਡਾਕਟਰ ਨਾਲ ਪਟਿਆਲਾ ਦੇ ਅਰਬਨ ਅਸਟੇਟ ਖੇਤਰ ਵਿੱਚ ਮੌਜੂਦ ਸਨ, ਜਿੱਥੇ ਕਥਿਤ ਤੌਰ 'ਤੇ ਜਸਕਰਨ ਸਿੰਘ ਧਾਲੀਵਾਲ ਅਤੇ ਉਸਦੇ ਸਾਥੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦਾ ਦਾਅਵਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਇੱਕ ਹੋਰ ਥਾਂ 'ਤੇ ਲੈ ਜਾ ਕੇ ਮੁੜ ਹਮਲਾ ਕੀਤਾ।

ਡਾ. ਰਮਨਦੀਪ ਦੇ ਮੁਤਾਬਕ ਇਸ ਦੌਰਾਨ ਉਨ੍ਹਾਂ ਨਾਲ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ, ਵੀਡੀਓਜ਼ ਬਣਾਈਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਦੀ ਸਰਗਰਮੀ ਕਾਰਨ ਕਥਿਤ ਦੋਸ਼ੀ ਉਨ੍ਹਾਂ ਨੂੰ ਬਾਅਦ ਵਿੱਚ ਬੱਸ ਸਟੈਂਡ ਨੇੜੇ ਛੱਡ ਕੇ ਫ਼ਰਾਰ ਹੋ ਗਏ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਅਰਬਨ ਅਸਟੇਟ ਪਟਿਆਲਾ ਵਿੱਚ ਮੁੱਖ ਦੋਸ਼ੀ ਜਸਕਰਨ ਸਿੰਘ ਧਾਲੀਵਾਲ ਅਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ, ਪਰ ਉਨ੍ਹਾਂ ਦੇ ਅਨੁਸਾਰ ਅਜੇ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ।

ਡਾ. ਰਮਨਦੀਪ ਸਿੰਘ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਇਕੱਠੀ ਕਰਨ ਵਿੱਚ ਵੀ ਲਾਪਰਵਾਹੀ ਵਰਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਜੇ ਵੀ ਜਾਨ ਦਾ ਖ਼ਤਰਾ ਹੈ।

ਮੀਡੀਆ ਰਾਹੀਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਕੋਲੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Published on: 06 Jun 2026

Editor Info

Pushpinder Kaur
publictimes@gmail.com
+91 84278 93668