Sunday, 13 September 2026
ਗੁਰਦਾਸਪੁਰ ’ਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ ’ਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

6 ਪਿਸਤੌਲ ਤੇ 49 ਜ਼ਿੰਦਾ ਕਾਰਤੂਸ ਬਰਾਮਦ; ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਹਥਿਆਰਾਂ ਦੀ ਖੇਪ: ਪੰਜਾਬ ਪੁਲਿਸ

ਗੁਰਦਾਸਪੁਰ, 13 ਸਤੰਬਰ: ਪੰਜਾਬ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਦਿਆਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰੋਂ ਚੱਲ ਰਹੇ ਕਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ 6 ਪਿਸਤੌਲ, ਮੈਗਜ਼ੀਨਾਂ ਅਤੇ .30 ਕੈਲੀਬਰ ਤੇ 9 ਐੱਮਐੱਮ ਦੇ ਕੁੱਲ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਵੱਲੋਂ ਵਰਤੀ ਜਾ ਰਹੀ SUV ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਮੁਤਾਬਕ ਮੁੱਢਲੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਹਥਿਆਰਾਂ ਦੀ ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਈ ਗਈ ਸੀ। ਇਸ ਸਬੰਧੀ ਪੁਲਿਸ ਥਾਣਾ ਦੋਰਾਂਗਲਾ ਵਿਖੇ FIR ਦਰਜ ਕਰਕੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਦੇਖ SUV ਲੈ ਕੇ ਭੱਜੇ, ਪਿੱਛਾ ਕਰਕੇ ਕੀਤੇ ਕਾਬੂ

ਐੱਸਐੱਸਪੀ ਗੁਰਦਾਸਪੁਰ ਆਦਿਤਿਆ ਮੁਤਾਬਕ ਸਪੈਸ਼ਲ ਬ੍ਰਾਂਚ ਗੁਰਦਾਸਪੁਰ, ਥਾਣਾ ਦੋਰਾਂਗਲਾ ਅਤੇ ਥਾਣਾ ਬਹਿਰਾਮਪੁਰ ਦੀਆਂ ਪੁਲਿਸ ਟੀਮਾਂ ਨੇ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ।

ਪੁਲਿਸ ਟੀਮ ਨੂੰ ਪਿੰਡ ਨੂਰਪੁਰ ਥੇਹ ਦੇ ਚੌਕ ਨੇੜੇ ਇੱਕ SUV ਖੜ੍ਹੀ ਦਿਖਾਈ ਦਿੱਤੀ। ਪੁਲਿਸ ਅਨੁਸਾਰ ਦੋ ਵਿਅਕਤੀ ਗੱਡੀ ਦੇ ਬਾਹਰ ਸਨ, ਜਦਕਿ ਤਿੰਨ ਅੰਦਰ ਬੈਠੇ ਹੋਏ ਸਨ। ਪੁਲਿਸ ਨੂੰ ਦੇਖਦਿਆਂ SUV ਦਾ ਚਾਲਕ ਗੱਡੀ ਭਜਾ ਕੇ ਲੈ ਗਿਆ। ਪੁਲਿਸ ਨੇ ਮੌਕੇ ’ਤੇ ਮੌਜੂਦ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ SUV ਦਾ ਪਿੱਛਾ ਕਰਕੇ ਉਸ ਨੂੰ ਰੋਕਦਿਆਂ ਬਾਕੀ ਤਿੰਨ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ, ਕਰਨ ਕੁਮਾਰ, ਬਲਰਾਜ ਸਿੰਘ, ਅਮਰੀਕ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਦੱਸੀ ਗਈ ਹੈ।

ਬਲਰਾਜ ਸਿੰਘ ਖ਼ਿਲਾਫ਼ ਪਹਿਲਾਂ ਤੋਂ 26 FIRs ਦਰਜ ਹੋਣ ਦਾ ਦਾਅਵਾ

ਪੁਲਿਸ ਨੇ ਬਲਰਾਜ ਸਿੰਘ ਨੂੰ ‘ਬੁਰੀ ਬਸੰਤਕੋਟੀਆ’ ਦੇ ਨਾਂ ਨਾਲ ਜਾਣਿਆ ਜਾਂਦਾ ਕਥਿਤ ਗੈਂਗਸਟਰ ਦੱਸਿਆ ਹੈ। ਪੁਲਿਸ ਮੁਤਾਬਕ ਉਸ ਖ਼ਿਲਾਫ਼ ਪਹਿਲਾਂ ਹੀ ਕਤਲ, ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਅਤੇ NDPS ਐਕਟ ਸਮੇਤ ਵੱਖ-ਵੱਖ ਅਪਰਾਧਾਂ ਨਾਲ ਸਬੰਧਤ 26 FIRs ਦਰਜ ਹਨ।

ਮੁੱਢਲੀ ਜਾਂਚ ਵਿੱਚ ਹਥਿਆਰਾਂ ਦੀ ਖੇਪ ਡਰੋਨ ਰਾਹੀਂ ਸਰਹੱਦ ਪਾਰੋਂ ਆਉਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹਥਿਆਰ ਕਿਸ ਵੱਲੋਂ ਭੇਜੇ ਗਏ, ਕਿਨ੍ਹਾਂ ਤੱਕ ਪਹੁੰਚਾਏ ਜਾਣੇ ਸਨ ਅਤੇ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਅੰਤਿਮ ਪੁਸ਼ਟੀ ਜਾਂਚ ਅਤੇ ਨਿਆਂਇਕ ਪ੍ਰਕਿਰਿਆ ਦੌਰਾਨ ਹੋਵੇਗੀ।

Published on: 13 Sep 2026

Editor Info

Pushpinder Kaur
publictimes@gmail.com
+91 84278 93668