ਗੁਰਦਾਸਪੁਰ: ਐਤਵਾਰ ਦੁਪਹਿਰ ਗੁਰਦਾਸਪੁਰ-ਸ਼੍ਰੀ ਹਰਿਗੋਬਿੰਦਪੁਰ ਮਾਰਗ 'ਤੇ ਪਿੰਡ ਵੜੈਚ ਨੇੜੇ ਇੱਕ ਬੋਲੇਰੋ ਕੈਂਪਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੜਕ 'ਤੇ ਲੰਮਾ ਜਾਮ ਲੱਗ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲੈਂਦਿਆਂ ਜ਼ਖ਼ਮੀ ਨੌਜਵਾਨ ਨੂੰ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਇਲਾਜ ਲਈ ਭੇਜਿਆ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਦੇ ਬਿਆਨ ਵੀ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ।
ਪੁਲਿਸ ਅਤੇ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੁਖਪਿੰਦਰ ਸਿੰਘ, ਪੁੱਤਰ ਮਕੰਦ ਸਿੰਘ, ਵਾਸੀ ਨੈਣੇਕੋਟ (ਮੌਜੂਦਾ ਵਾਸੀ ਕਾਹਨੂੰਵਾਨ) ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ, ਪੁੱਤਰ ਵਰਿੰਦਰ ਸਿੰਘ, ਵਾਸੀ ਕੀੜੀ ਅਫਗਾਨਾ, ਥਾਣਾ ਕਾਹਨੂੰਵਾਨ ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਟ ਟੋਡਰ ਮਲ ਤੋਂ ਸਠਿਆਲੀ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਵੜੈਚ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਬੋਲੇਰੋ ਕੈਂਪਰ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ।
ਮੌਕੇ 'ਤੇ ਮੌਜੂਦ ਕੁਝ ਪ੍ਰਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਮੋਟਰਸਾਈਕਲ ਦੀ ਰਫ਼ਤਾਰ ਕਾਫ਼ੀ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਅਧਿਕਾਰੀ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।