Wednesday, 15 July 2026
ਹਰੀਕੇ ਪੱਤਣ ਵਿਖੇ ਜਸਵੰਤ ਸਿੰਘ ਖਾਲੜਾ ਅਤੇ ਲਾਵਾਰਸ ਲਾਸ਼ਾਂ ਦੀ ਯਾਦ ਵਿੱਚ ਸ਼ਹੀਦੀ ਅਰਦਾਸ, ਅਕਾਲ ਤਖ਼ਤ ਦੇ ਜਥੇਦਾਰ ਨੇ ਸ਼ਹੀਦਗੰਜ ਸਮਾਰਕ ਬਣਾਉਣ ਦੀ ਕੀਤੀ ਅਪੀਲ

ਹਰੀਕੇ ਪੱਤਣ ਵਿਖੇ ਜਸਵੰਤ ਸਿੰਘ ਖਾਲੜਾ ਅਤੇ ਲਾਵਾਰਸ ਲਾਸ਼ਾਂ ਦੀ ਯਾਦ ਵਿੱਚ ਸ਼ਹੀਦੀ ਅਰਦਾਸ, ਅਕਾਲ ਤਖ਼ਤ ਦੇ ਜਥੇਦਾਰ ਨੇ ਸ਼ਹੀਦਗੰਜ ਸਮਾਰਕ ਬਣਾਉਣ ਦੀ ਕੀਤੀ ਅਪੀਲ

ਹਰੀਕੇ ਪੱਤਣ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹਰੀਕੇ ਪੱਤਣ ਵਿਖੇ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਅਤੇ ਉਹਨਾਂ ਲੋਕਾਂ ਦੀ ਯਾਦ ਵਿੱਚ ਸ਼ਹੀਦੀ ਅਰਦਾਸ ਕੀਤੀ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਕਥਿਤ ਤੌਰ 'ਤੇ ਲਾਵਾਰਸ ਕਰਾਰ ਦੇ ਕੇ ਸਸਕਾਰ ਕਰਨ ਉਪਰੰਤ ਦਰਿਆਵਾਂ ਅਤੇ ਨਹਿਰਾਂ ਵਿੱਚ ਰੋੜ ਦਿੱਤਾ ਗਿਆ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ, ਸਿੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਆਗੂ ਮੌਜੂਦ ਰਹੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਨ੍ਹਾਂ ਲਾਵਾਰਸ ਲਾਸ਼ਾਂ ਦਾ ਮਾਮਲਾ ਸਾਹਮਣੇ ਆਇਆ ਸੀ, ਉਹ ਸਿੱਖਾਂ ਅਤੇ ਹਿੰਦੂ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਪੂਰਾ ਪੰਥ ਉਨ੍ਹਾਂ ਨੂੰ ਆਪਣਾ ਵਾਰਸ ਮੰਨਦਾ ਹੈ। ਉਨ੍ਹਾਂ ਜਸਵੰਤ ਸਿੰਘ ਖਾਲੜਾ ਨੂੰ ਮਨੁੱਖੀ ਹੱਕਾਂ ਲਈ ਸੰਘਰਸ਼ ਕਰਨ ਵਾਲਾ ਅਤੇ ਕੌਮ ਦਾ ਸ਼ਹੀਦ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ। ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਹਰੀਕੇ ਪੱਤਣ ਵਿਖੇ ਸਤਲੁਜ ਦਰਿਆ ਦੇ ਕਿਨਾਰੇ ਜਸਵੰਤ ਸਿੰਘ ਖਾਲੜਾ ਅਤੇ ਹੋਰ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਇੱਕ ਸ਼ਹੀਦਗੰਜ ਸਮਾਰਕ ਅਤੇ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਿੱਖ ਕੌਮ ਹਰੀਕੇ ਪੱਤਣ ਨੂੰ "ਸ਼ਹੀਦੀ ਪੱਤਣ" ਵਜੋਂ ਯਾਦ ਰੱਖੇਗੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਾਲ 1988 ਤੋਂ 1995 ਦੇ ਦਰਮਿਆਨ ਕਥਿਤ ਤੌਰ 'ਤੇ ਕਈ ਲੋਕਾਂ ਨੂੰ ਤਸ਼ੱਦਦ ਤੋਂ ਬਾਅਦ ਲਾਵਾਰਸ ਕਰਾਰ ਦੇ ਕੇ ਉਨ੍ਹਾਂ ਦੀਆਂ ਲਾਸ਼ਾਂ ਜਾਂ ਤਾਂ ਸਾੜ ਦਿੱਤੀਆਂ ਗਈਆਂ ਜਾਂ ਦਰਿਆਵਾਂ ਅਤੇ ਨਹਿਰਾਂ ਵਿੱਚ ਰੋੜ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹਰ ਧਰਮ ਵਿੱਚ ਅੰਤਿਮ ਸੰਸਕਾਰ ਦੀ ਆਪਣੀ ਮਰਿਆਦਾ ਹੁੰਦੀ ਹੈ ਅਤੇ ਉਸ ਦਾ ਸਤਿਕਾਰ ਹੋਣਾ ਚਾਹੀਦਾ ਹੈ।

ਉਨ੍ਹਾਂ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਨੌਜਵਾਨਾਂ ਦੇ ਕਥਿਤ ਕਤਲਾਂ ਨਾਲ ਜੁੜੇ ਪੁਲੀਸ ਅਧਿਕਾਰੀਆਂ ਨੂੰ ਚੁੱਪਚਾਪ ਜ਼ਮਾਨਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਅਜੇ ਵੀ ਲੰਬਿਤ ਹੈ।

ਸ਼ਹੀਦੀ ਅਰਦਾਸ ਦੌਰਾਨ ਜਥੇਦਾਰ ਗੜਗੱਜ ਨੇ ਖਾਲੜਾ ਮਿਸ਼ਨ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਝਬਾਲ, ਐਡਵੋਕੇਟ ਸੁਰਿੰਦਰਪਾਲ ਸਿੰਘ ਘਰਿਆਲਾ, ਬਲਜਿੰਦਰ ਸਿੰਘ, ਸਤਨਾਮ ਸਿੰਘ ਅਮੀਸਾਹ, ਖਾਲੜਾ ਕੇਸ ਦੇ ਮੁੱਖ ਗਵਾਹ ਕੰਵਲਜੀਤ ਕੌਰ ਬਚੜੇ, ਰਾਜੀਵ ਸਿੰਘ ਰੰਧਾਵਾ, ਲਖਵਿੰਦਰ ਕੌਰ ਰੰਧਾਵਾ ਸਮੇਤ ਹੋਰ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।

ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਇਮਾਨ ਸਿੰਘ ਮਾਨ, ਜਥੇਦਾਰ ਹਰਪਾਲ ਸਿੰਘ ਬਲੇਰ, ਦਲਜੀਤ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਅਕਾਲੀ ਦਲ ਵਾਰਿਸ ਪੰਜਾਬ ਦੇ ਨੁਮਾਇੰਦੇ ਤਰਸੇਮ ਸਿੰਘ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਹੋਰ ਕਈ ਸਿੱਖ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।

ਰਾਜੀਵ ਸਿੰਘ ਰੰਧਾਵਾ ਨੇ ਖਾਲੜਾ ਦੀ ਕੁਰਬਾਨੀ ਨੂੰ ਕੀਤਾ ਯਾਦ

ਸਮਾਗਮ ਦੌਰਾਨ ਖਾਲੜਾ ਕੇਸ ਦੇ ਮੁੱਖ ਗਵਾਹ ਰਾਜੀਵ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਨਿਰਦੋਸ਼ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕੀਤੀ। ਉਨ੍ਹਾਂ ਕਿਹਾ ਕਿ ਖਾਲੜਾ ਨੇ ਉਸ ਸਮੇਂ ਕਥਿਤ ਤੌਰ 'ਤੇ ਹੋਈਆਂ ਗੈਰ-ਕਾਨੂੰਨੀ ਹੱਤਿਆਵਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਨੂੰ ਸਾਹਮਣੇ ਲਿਆਉਣ ਲਈ ਆਵਾਜ਼ ਉਠਾਈ ਸੀ। ਰਾਜੀਵ ਸਿੰਘ ਨੇ ਦੋਸ਼ ਲਗਾਇਆ ਕਿ ਆਪਣੇ ਕਥਿਤ ਗੁਨਾਹਾਂ ਨੂੰ ਲੁਕਾਉਣ ਲਈ ਪੁਲੀਸ ਅਧਿਕਾਰੀਆਂ ਨੇ ਜਸਵੰਤ ਸਿੰਘ ਖਾਲੜਾ 'ਤੇ ਅਣਮਨੁੱਖੀ ਤਸ਼ੱਦਦ ਕੀਤਾ, ਜਿਸ ਕਾਰਨ ਉਹ ਸ਼ਹੀਦ ਹੋ ਗਏ।

Published on: 15 Jul 2026

Editor Info

Pushpinder Kaur
publictimes@gmail.com
+91 84278 93668