ਜਲੰਧਰ, 9 ਜੂਨ : ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੀ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਥਿਤ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚਲਾਇਆ ਜਾ ਰਿਹਾ ਇੱਕ ਵਿਸ਼ੇਸ਼ ਉਪਰਾਲਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸੀ.ਡੀ.ਐਸ., ਏ.ਐਫ.ਸੀ.ਏ.ਟੀ., ਓ.ਟੀ.ਏ. ਸਮੇਤ ਹੋਰ ਪ੍ਰਤੀਯੋਗੀ ਪ੍ਰਵੇਸ਼ ਪ੍ਰੀਖਿਆਵਾਂ ਰਾਹੀਂ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਗ੍ਰੈਜੂਏਟ ਪੱਧਰ ਦੀਆਂ ਅਸਾਮੀਆਂ ਲਈ ਤਿਆਰ ਕਰਨਾ ਹੈ।
ਉਨ੍ਹਾਂ ਮੁਤਾਬਕ ਸੰਸਥਾ ਦਾ ਪਹਿਲਾ ਸਿਖਲਾਈ ਬੈਚ ਜੁਲਾਈ 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਵੱਲੋਂ ਉਮੀਦਵਾਰਾਂ ਨੂੰ ਤਿੰਨ ਮਹੀਨਿਆਂ ਦੀ ਵਿਵਸਥਿਤ ਅਕਾਦਮਿਕ ਸਿਖਲਾਈ ਦੇ ਨਾਲ-ਨਾਲ ਤਿੰਨ ਹਫ਼ਤਿਆਂ ਦੀ ਐਸ.ਐਸ.ਬੀ. ਸਿਖਲਾਈ ਵੀ ਪ੍ਰਦਾਨ ਕੀਤੀ ਜਾਵੇਗੀ।
ਡਿਪਟੀ ਡਾਇਰੈਕਟਰ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਗ੍ਰੈਜੂਏਸ਼ਨ ਪੂਰੀ ਕਰ ਚੁੱਕੇ ਉਮੀਦਵਾਰਾਂ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਲਈ ਵੀ ਲਾਭਕਾਰੀ ਹੈ ਜੋ ਇਸ ਵੇਲੇ ਆਪਣੀ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇੱਛੁਕ ਉਮੀਦਵਾਰਾਂ ਲਈ ਹੋਸਟਲ ਦੀ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਅਰਜ਼ੀ ਫਾਰਮ ਭਰ ਕੇ 18 ਜੂਨ 2026 ਤੱਕ ਸੰਸਥਾ ਦੀ ਈਮੇਲ ਆਈ.ਡੀ. sbacsafpihoshiarpur@gmail.com ’ਤੇ ਭੇਜ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।