Tuesday, 9 June 2026
ਜਲੰਧਰ 'ਚ ਈਡੀ ਦੀ ਕਾਰਵਾਈ ਤੋਂ ਬਾਅਦ ਸਿਆਸੀ ਮਾਹੌਲ ਗਰਮ, ਕੇਜਰੀਵਾਲ ਦੇ ਬਿਆਨ ਨਾਲ ਛਿੜੀ ਨਵੀਂ ਚਰਚਾ

ਜਲੰਧਰ 'ਚ ਈਡੀ ਦੀ ਕਾਰਵਾਈ ਤੋਂ ਬਾਅਦ ਸਿਆਸੀ ਮਾਹੌਲ ਗਰਮ, ਕੇਜਰੀਵਾਲ ਦੇ ਬਿਆਨ ਨਾਲ ਛਿੜੀ ਨਵੀਂ ਚਰਚਾ

ਇਸ ਵੇਲੇ ਜਲੰਧਰ ਤੋਂ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਹ ਮਾਮਲਾ ਉਸ ਸਮੇਂ ਹੋਰ ਚਰਚਾ ਵਿੱਚ ਆ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ "ਐਕਸ" 'ਤੇ ਇੱਕ ਪੋਸਟ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਈਡੀ ਪੰਜਾਬ ਵਿੱਚ ਹਿੰਦੂ ਕਾਰੋਬਾਰੀਆਂ ਅਤੇ ਛੋਟੇ ਵਪਾਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਾਰੋਬਾਰੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਜਾਣਕਾਰੀ ਮੁਤਾਬਕ, ਈਡੀ ਦੀ ਇੱਕ ਟੀਮ ਦਿੱਲੀ ਤੋਂ ਜਲੰਧਰ ਪਹੁੰਚੀ ਅਤੇ ਸ਼ਹਿਰ ਦੇ ਪ੍ਰਸਿੱਧ ਚਾਰਟਰਡ ਅਕਾਊਂਟੈਂਟ ਅਮਿਤ ਬਜਾਜ ਦੇ ਨਿਊ ਜਵਾਹਰ ਨਗਰ ਸਥਿਤ ਨਿਵਾਸ ਅਤੇ ਚੁਨਮੁਨ ਮਾਲ ਨੇੜੇ ਸਥਿਤ ਦਫ਼ਤਰ ਵਿੱਚ ਜਾਂਚ ਕਾਰਵਾਈ ਕੀਤੀ। ਈਡੀ ਨਾਲ ਜੁੜੇ ਸੂਤਰਾਂ ਅਨੁਸਾਰ ਇਹ ਕਾਰਵਾਈ ਆਮਦਨ ਤੋਂ ਵੱਧ ਸੰਪਤੀ ਨਾਲ ਸੰਬੰਧਿਤ ਮਾਮਲੇ ਨੂੰ ਲੈ ਕੇ ਕੀਤੀ ਗਈ ਦੱਸੀ ਜਾ ਰਹੀ ਹੈ।

ਉੱਧਰ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਵਿੱਚ ਵੀ ਇੱਕ ਚਾਰਟਰਡ ਅਕਾਊਂਟੈਂਟ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹਾਲਾਂਕਿ, ਇਸ ਸਬੰਧੀ ਈਡੀ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਾਂਚ ਏਜੰਸੀ ਨੇ ਪੰਜਾਬ ਦੇ ਹੋਰ ਕੁਝ ਜ਼ਿਲ੍ਹਿਆਂ ਵਿੱਚ ਵੀ ਕਾਰਵਾਈ ਕੀਤੀ ਹੈ, ਪਰ ਇਸ ਬਾਰੇ ਅਜੇ ਤੱਕ ਕੋਈ ਸਰਕਾਰੀ ਬਿਆਨ ਜਾਰੀ ਨਹੀਂ ਹੋਇਆ।

ਇਸ ਦੌਰਾਨ ਜਲੰਧਰ ਦੇ ਸ਼ਹੀਦ ਊਧਮ ਸਿੰਘ ਨਗਰ ਨਾਲ ਸੰਬੰਧਿਤ ਐਡਵੋਕੇਟ ਅਮਿਤ ਬਜਾਜ ਦੇ ਘਰ ਵੀ ਈਡੀ ਛਾਪੇ ਦੀਆਂ ਚਰਚਾਵਾਂ ਸਾਹਮਣੇ ਆਈਆਂ, ਪਰ ਉਨ੍ਹਾਂ ਨੇ ਕੁਝ ਮੀਡੀਆ ਸੰਸਥਾਵਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਘਰ ਕੋਈ ਛਾਪੇਮਾਰੀ ਨਹੀਂ ਹੋਈ।

ਦੂਜੇ ਪਾਸੇ, ਜਲੰਧਰ ਵਿੱਚ ਹੋਈ ਇਸ ਕਾਰਵਾਈ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਹਿੰਦੂ ਕਾਰੋਬਾਰੀਆਂ ਨੂੰ ਬੇਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਏ ਅਮਿਤ ਬਜਾਜ ਜਲੰਧਰ ਦੇ ਜਾਣੇ-ਪਛਾਣੇ ਚਾਰਟਰਡ ਅਕਾਊਂਟੈਂਟ ਹਨ ਅਤੇ ਉਨ੍ਹਾਂ ਦੇ ਘਰ ਹੋਈ ਈਡੀ ਕਾਰਵਾਈ ਨੂੰ ਲੈ ਕੇ ਨਵਾਂ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ।

Published on: 09 Jun 2026

Editor Info

Pushpinder Kaur
publictimes@gmail.com
+91 84278 93668