ਜਲੰਧਰ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਬਾਰੇ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ।
ਇਸ ਉਪਰਾਲੇ ਅਧੀਨ ਬੀਤੀ ਰਾਤ ਡਾਕੂਮੈਂਟਰੀ ਵੈਨ ਕਰਤਾਰਪੁਰ ਦੇ ਪਿੰਡ ਨੌਗਜਾ ਅਤੇ ਮੰਡ ਮੌੜ, ਸਬ-ਡਵੀਜ਼ਨ ਆਦਮਪੁਰ ਦੇ ਪਿੰਡ ਨਜਕਾ ਅਤੇ ਢੀਂਗਰੀਆਂ ਤੋਂ ਇਲਾਵਾ ਸਬ-ਡਵੀਜ਼ਨ ਨਕੋਦਰ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਹੁੰਚੀ।
ਵੈਨ ਉੱਤੇ ਲਗਾਈ ਗਈ ਵੱਡੀ ਐੱਲ.ਈ.ਡੀ. ਸਕਰੀਨ ਰਾਹੀਂ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫ਼ਿਲਮ ਦੇਖੀ। ਫ਼ਿਲਮ ਰਾਹੀਂ ਲੋਕਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਸਰਬ ਸਾਂਝੀਵਾਲਤਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।
ਦਸਤਾਵੇਜ਼ੀ ਫ਼ਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਘਰਸ਼, ਸਮਾਜ ਸੁਧਾਰ ਲਈ ਉਨ੍ਹਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਉਨ੍ਹਾਂ ਦੀ ਸੋਚ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਇਸ ਵਿੱਚ ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਮਿਹਨਤ, ਸੇਵਾ ਅਤੇ ਇਮਾਨਦਾਰ ਜੀਵਨ ਦੇ ਗੁਰੂ ਜੀ ਵੱਲੋਂ ਦਿੱਤੇ ਸੰਦੇਸ਼ ਨੂੰ ਵੀ ਵਿਸਥਾਰ ਨਾਲ ਦਰਸਾਇਆ ਗਿਆ। ਫ਼ਿਲਮ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਕਿ ਸਮਾਜ ਵਿੱਚ ਕਿਸੇ ਵੀ ਵਿਅਕਤੀ ਨਾਲ ਜਾਤ, ਧਰਮ ਜਾਂ ਵਰਗ ਦੇ ਆਧਾਰ ’ਤੇ ਭੇਦਭਾਵ ਨਹੀਂ ਹੋਣਾ ਚਾਹੀਦਾ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾ ਰਿਹਾ ਹੈ।
ਲੋਕਾਂ ਨੇ ਕਿਹਾ ਕਿ ਆਧੁਨਿਕ ਤਕਨਾਲੋਜੀ ਅਤੇ ਡਾਕੂਮੈਂਟਰੀ ਫ਼ਿਲਮਾਂ ਰਾਹੀਂ ਨੌਜਵਾਨਾਂ ਨੂੰ ਮਹਾਨ ਗੁਰੂਆਂ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨਾ ਇੱਕ ਬਹੁਤ ਪ੍ਰਭਾਵਸ਼ਾਲੀ ਤਰੀਕਾ ਹੈ। ਇਸ ਨਾਲ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ, ਏਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਇਹ ਡਾਕੂਮੈਂਟਰੀ ਵੈਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਦਾ ਅਹਿਮ ਹਿੱਸਾ ਹਨ।