Saturday, 11 July 2026
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਈ.ਐਸ.ਆਈ. ਹਸਪਤਾਲ ਦਾ ਕੀਤਾ ਨਿਰੀਖਣ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਈ.ਐਸ.ਆਈ. ਹਸਪਤਾਲ ਦਾ ਕੀਤਾ ਨਿਰੀਖਣ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਜਲੰਧਰ, 11 ਜੁਲਾਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ਨੀਵਾਰ ਨੂੰ ਜਲੰਧਰ ਸਥਿਤ ਈ.ਐਸ.ਆਈ. ਹਸਪਤਾਲ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਾਂ ਅਤੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕੀਤਾ।

ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਪ੍ਰਸ਼ਾਸਨ ਤੋਂ ਇਲਾਜ ਦੀ ਵਿਵਸਥਾ, ਆਧੁਨਿਕ ਮੈਡੀਕਲ ਉਪਕਰਨਾਂ, ਦਵਾਈਆਂ ਦੀ ਉਪਲਬਧਤਾ ਅਤੇ ਮਰੀਜ਼ਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਮੋਹਿੰਦਰ ਭਗਤ ਨੇ ਇਲਾਜ ਅਧੀਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਤੋਂ ਫੀਡਬੈਕ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਨਾਗਰਿਕ ਨੂੰ ਗੁਣਵੱਤਾ ਭਰਪੂਰ, ਸਸਤੀ ਅਤੇ ਆਸਾਨੀ ਨਾਲ ਉਪਲਬਧ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਉਦੇਸ਼ ਤਹਿਤ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਲਈ ਨਿੱਜੀ ਹਸਪਤਾਲਾਂ 'ਤੇ ਨਿਰਭਰ ਨਾ ਹੋਣਾ ਪਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਈ.ਐਸ.ਆਈ. ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਸਰਕਾਰ ਦੀ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੀ ਨੀਤੀ ਦਾ ਨਤੀਜਾ ਹੈ। ਉਨ੍ਹਾਂ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਦੀ ਸੇਵਾ ਭਾਵਨਾ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਰੀਜ਼ਾਂ ਨਾਲ ਸੰਵੇਦਨਸ਼ੀਲ ਅਤੇ ਸਮਰਪਿਤ ਰਵੱਈਆ ਹੀ ਇੱਕ ਚੰਗੀ ਸਿਹਤ ਪ੍ਰਣਾਲੀ ਦੀ ਪਹਿਚਾਣ ਹੁੰਦਾ ਹੈ।

ਉਨ੍ਹਾਂ ਹਸਪਤਾਲ ਪ੍ਰਬੰਧਨ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸਫ਼ਾਈ, ਦਵਾਈਆਂ ਦੀ ਉਪਲਬਧਤਾ, ਇਲਾਜ ਅਤੇ ਹੋਰ ਜ਼ਰੂਰੀ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਨਿਰੰਤਰ ਨਿਵੇਸ਼ ਕਰ ਰਹੀ ਹੈ ਅਤੇ ਲੋਕਾਂ ਤੱਕ ਉੱਚ ਪੱਧਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਹਰ ਸੰਭਵ ਯਤਨ ਜਾਰੀ ਹਨ।

ਇਸ ਮੌਕੇ ਹਸਪਤਾਲ ਪ੍ਰਸ਼ਾਸਨ ਨੇ ਕੈਬਨਿਟ ਮੰਤਰੀ ਨੂੰ ਹਸਪਤਾਲ ਵਿੱਚ ਉਪਲਬਧ ਮੈਡੀਕਲ ਸਹੂਲਤਾਂ, ਰੋਜ਼ਾਨਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ। ਦੌਰੇ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀ, ਹਸਪਤਾਲ ਦੇ ਸੀਨੀਅਰ ਡਾਕਟਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਰਹੇ।

ਦੌਰੇ ਦੇ ਅੰਤ ਵਿੱਚ ਮੋਹਿੰਦਰ ਭਗਤ ਨੇ ਵਿਸ਼ਵਾਸ ਜਤਾਇਆ ਕਿ ਈ.ਐਸ.ਆਈ. ਹਸਪਤਾਲ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਮਿਆਰੀ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ ਅਤੇ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

Published on: 11 Jul 2026

Editor Info

Pushpinder Kaur
publictimes@gmail.com
+91 84278 93668