Tuesday, 11 August 2026
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਰੁਪਏ ਦੇ ਇੰਟਰਲਾਕ ਤੇ ਸੈਂਟਰ ਵਰਜ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਰੁਪਏ ਦੇ ਇੰਟਰਲਾਕ ਤੇ ਸੈਂਟਰ ਵਰਜ ਵਿਕਾਸ ਕਾਰਜਾਂ ਦੀ ਸ਼ੁਰੂਆਤ

ਬਸਤੀ ਬਾਵਾ ਖੇਲ ਤੋਂ ਜਲੰਧਰ ਕੁੰਜ ਤੱਕ ਹੋਵੇਗਾ ਵਿਕਾਸ, ਕਿਹਾ—ਪੰਜਾਬ ਨੂੰ ਵਿਕਸਿਤ ਤੇ ਬਿਹਤਰ ਸਹੂਲਤਾਂ ਵਾਲਾ ਸੂਬਾ ਬਣਾਉਣ ਲਈ ਸਰਕਾਰ ਯਤਨਸ਼ੀਲ

ਜਲੰਧਰ, 9 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਨੂੰ ਮੇਨ ਕਪੂਰਥਲਾ ਰੋਡ ’ਤੇ ਬਸਤੀ ਬਾਵਾ ਖੇਲ ਤੋਂ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੇਨ ਕਪੂਰਥਲਾ ਰੋਡ ਦੇ ਇਸ ਹਿੱਸੇ ਵਿੱਚ ਇੰਟਰਲਾਕ ਅਤੇ ਸੈਂਟਰ ਵਰਜ ਦਾ ਕੰਮ ਮੁਕੰਮਲ ਹੋਣ ਨਾਲ ਇਲਾਕੇ ਦੀ ਦਿੱਖ ਹੋਰ ਬਿਹਤਰ ਹੋਵੇਗੀ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲੇਗੀ।

ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ: ਭਗਤ

ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੜਾਅਵਾਰ ਪੂਰਾ ਕਰਦਿਆਂ ਸੂਬੇ ਨੂੰ ਵਿਕਸਿਤ, ਖੁਸ਼ਹਾਲ ਅਤੇ ਬਿਹਤਰ ਸਹੂਲਤਾਂ ਵਾਲਾ ਸੂਬਾ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ।

ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਹਨ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ।

Published on: 09 Aug 2026

Editor Info

Pushpinder Kaur
publictimes@gmail.com
+91 84278 93668