Friday, 14 August 2026
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਸਤੀ ਬਾਵਾ ਖੇਲ ’ਚ 53.90 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਸਤੀ ਬਾਵਾ ਖੇਲ ’ਚ 53.90 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸ਼ਮਸ਼ਾਨਘਾਟ ਦਾ ਹੋਵੇਗਾ ਨਵੀਨੀਕਰਨ, ਕਮਿਊਨਿਟੀ ਹਾਲ ਤੇ ਰਾਮ ਲੀਲਾ ਗਰਾਊਂਡ ’ਚ ਬਣੇਗੀ ਸਟੇਜ

ਪੰਜਾਬ ਸਰਕਾਰ ਸੂਬੇ ਭਰ ’ਚ ਜੰਗੀ ਪੱਧਰ ’ਤੇ ਕਰਵਾ ਰਹੀ ਵਿਕਾਸ ਕਾਰਜ : ਮੋਹਿੰਦਰ ਭਗਤ

ਜਲੰਧਰ, 13 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬਸਤੀ ਬਾਵਾ ਖੇਲ ਇਲਾਕੇ ਵਿੱਚ 53.90 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਇਨ੍ਹਾਂ ਵਿਕਾਸ ਕਾਰਜਾਂ ਤਹਿਤ 23.82 ਲੱਖ ਰੁਪਏ ਦੀ ਲਾਗਤ ਨਾਲ ਕਟਹਿਰਾ ਮੁਹੱਲਾ, ਬਸਤੀ ਬਾਵਾ ਖੇਲ ਦੇ ਸ਼ਮਸ਼ਾਨਘਾਟ ਦਾ ਨਵੀਨੀਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਰੀਆ ਸਮਾਜ ਵੇਦ ਮੰਦਿਰ/ਧਰਮਸ਼ਾਲਾ, ਬਸਤੀ ਬਾਵਾ ਖੇਲ ਵਿਖੇ 15.10 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੀ ਉਸਾਰੀ ਅਤੇ ਰਾਜ ਨਗਰ ਦੇ ਰਾਮ ਲੀਲਾ ਗਰਾਊਂਡ ਵਿੱਚ 14.98 ਲੱਖ ਰੁਪਏ ਦੀ ਲਾਗਤ ਨਾਲ ਸਟੇਜ ਦਾ ਨਿਰਮਾਣ ਕੀਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਇਲਾਕਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ

ਮੋਹਿੰਦਰ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਪ੍ਰਾਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਪ੍ਰਵਾਨਗੀ ਦੇ ਕੇ ਤੇਜ਼ੀ ਨਾਲ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੌਰਾਨ ਗੁਣਵੱਤਾ ਦੇ ਮਾਪਦੰਡਾਂ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਪ੍ਰਾਜੈਕਟ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਕਮਿਊਨਿਟੀ ਹਾਲ ਦੀ ਉਸਾਰੀ ਨਾਲ ਇਲਾਕਾ ਵਾਸੀਆਂ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਉਣ ਲਈ ਬਿਹਤਰ ਸਹੂਲਤ ਮਿਲੇਗੀ। ਇਸੇ ਤਰ੍ਹਾਂ ਰਾਮ ਲੀਲਾ ਗਰਾਊਂਡ ਵਿੱਚ ਸਟੇਜ ਬਣਨ ਨਾਲ ਇਲਾਕੇ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਰ ਸੁਚੱਜੇ ਢੰਗ ਨਾਲ ਕਰਵਾਏ ਜਾ ਸਕਣਗੇ।

ਮੋਹਿੰਦਰ ਭਗਤ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਲਾਕੇ ਅਤੇ ਸੂਬੇ ਦੇ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ।

 
 

Published on: 14 Aug 2026

Editor Info

Pushpinder Kaur
publictimes@gmail.com
+91 84278 93668