Tuesday, 22 September 2026
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ’ਚ ‘ਡੋਰ-ਟੂ-ਡੋਰ’ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜਲੰਧਰ ’ਚ ‘ਡੋਰ-ਟੂ-ਡੋਰ’ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ

‘ਮਾਨ ਦੇ ਮੁਨਾਫੇ’ ਤਹਿਤ ਘਰ-ਘਰ ਪਹੁੰਚ ਕੇ ਸਰਕਾਰ ਦੇ ਵਿਕਾਸ ਕਾਰਜਾਂ ਤੇ ਲੋਕ-ਭਲਾਈ ਸਕੀਮਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ

ਜਲੰਧਰ, 21 ਸਤੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਨੂੰ ਜਲੰਧਰ ਵਿੱਚ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਬਸਤੀ ਨੌਂ ਇਲਾਕੇ ਵਿੱਚ ਘਰ-ਘਰ ਜਾ ਕੇ ਪੈਂਫਲੈੱਟ ਵੰਡੇ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ।

ਮੋਹਿੰਦਰ ਭਗਤ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਪਹਿਲਕਦਮੀਆਂ ਦੀ ਜਾਣਕਾਰੀ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਹੈ।

ਟੋਲ ਪਲਾਜ਼ਿਆਂ, ਸੜਕ ਸੁਰੱਖਿਆ ਤੇ ਨਹਿਰੀ ਪਾਣੀ ਸਬੰਧੀ ਗਿਣਵਾਈਆਂ ਪ੍ਰਾਪਤੀਆਂ

ਕੈਬਨਿਟ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਜਾਣ ਨਾਲ ਸਫ਼ਰ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਕਰੀਬ 64 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ‘ਸੜਕ ਸੁਰੱਖਿਆ ਫੋਰਸ’ (SSF) ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨੇ 2,700 ਤੋਂ ਵੱਧ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਭਗ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਮੁਤਾਬਕ ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲ ਰਹੀ ਹੈ।

ਮੁਫ਼ਤ ਬਿਜਲੀ ਤੇ 71 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਾ ਵੀ ਕੀਤਾ ਜ਼ਿਕਰ

ਬਿਜਲੀ ਖੇਤਰ ਬਾਰੇ ਗੱਲ ਕਰਦਿਆਂ ਮੋਹਿੰਦਰ ਭਗਤ ਨੇ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਦੀ ਖ਼ਰੀਦ ਨੂੰ ਸਰਕਾਰ ਦੀਆਂ ਅਹਿਮ ਪਹਿਲਕਦਮੀਆਂ ਵਜੋਂ ਪੇਸ਼ ਕੀਤਾ।

ਰੋਜ਼ਗਾਰ ਦੇ ਮੁੱਦੇ ’ਤੇ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਭਰਤੀ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸਮੇਤ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ।

ਇਸ ਤੋਂ ਪਹਿਲਾਂ ਆਪਣੇ ਦਫ਼ਤਰ ਵਿਖੇ ਮੁਹਿੰਮ ਦੀ ਸ਼ੁਰੂਆਤ ਮੌਕੇ ਮੋਹਿੰਦਰ ਭਗਤ ਨੇ ਕੌਂਸਲਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਹਰ ਘਰ ਤੱਕ ਪਹੁੰਚ ਕੇ ਸਰਕਾਰ ਦੇ ਕੰਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਦਾ ਸੱਦਾ ਦਿੱਤਾ।

 

Published on: 22 Sep 2026

Editor Info

Pushpinder Kaur
publictimes@gmail.com
+91 84278 93668