Saturday, 29 August 2026
‘ਖੇਡਾਂ ਵਤਨ ਪੰਜਾਬ ਦੀਆਂ-2026’: ਜਲੰਧਰ ’ਚ 7 ਸਤੰਬਰ ਤੋਂ ਸ਼ੁਰੂ ਹੋਣਗੇ ਬਲਾਕ ਪੱਧਰੀ ਮੁਕਾਬਲੇ

‘ਖੇਡਾਂ ਵਤਨ ਪੰਜਾਬ ਦੀਆਂ-2026’: ਜਲੰਧਰ ’ਚ 7 ਸਤੰਬਰ ਤੋਂ ਸ਼ੁਰੂ ਹੋਣਗੇ ਬਲਾਕ ਪੱਧਰੀ ਮੁਕਾਬਲੇ

ਜ਼ਿਲ੍ਹਾ ਪੱਧਰੀ ਖੇਡਾਂ 20 ਤੋਂ 30 ਸਤੰਬਰ ਤੱਕ, 28 ਖੇਡਾਂ ’ਚ ਹੋਣਗੇ ਮੁਕਾਬਲੇ; DC ਵਰਜੀਤ ਵਾਲੀਆ ਵੱਲੋਂ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਜਲੰਧਰ, 27 ਅਗਸਤ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜਲੰਧਰ ਜ਼ਿਲ੍ਹੇ ਵਿੱਚ 7 ਸਤੰਬਰ ਤੋਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ।

20 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿੱਚ ਕਬੱਡੀ, ਐਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਜਿਮਨਾਸਟਿਕ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਜੂਡੋ ਅਤੇ ਰੈਸਲਿੰਗ ਸਮੇਤ ਕੁੱਲ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਣਗੇ।

ਆਨਲਾਈਨ ਦੇ ਨਾਲ ਮੌਕੇ ’ਤੇ ਵੀ ਹੋਵੇਗੀ ਰਜਿਸਟ੍ਰੇਸ਼ਨ

ਖਿਡਾਰੀ ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਪੋਰਟਲ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਦੀ ਸਹੂਲਤ ਉਪਲਬਧ ਹੋਵੇਗੀ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਆਨਲਾਈਨ ਰਜਿਸਟ੍ਰੇਸ਼ਨ

ਨੌਜਵਾਨ ਵੱਧ-ਚੜ੍ਹ ਕੇ ਲੈਣ ਹਿੱਸਾ: DC

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦਾ ਰੁਝਾਨ ਖੇਡਾਂ ਵੱਲ ਵਧਾਉਣ ਅਤੇ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਨਾਲ ਹੀ ਖੇਡ ਸੰਸਥਾਵਾਂ ਅਤੇ ਕੋਚਾਂ ਨੂੰ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਲਈ ਉਤਸ਼ਾਹਿਤ ਕਰਨ ਲਈ ਕਿਹਾ, ਤਾਂ ਜੋ ਜਲੰਧਰ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।

 

Published on: 28 Aug 2026

Editor Info

Pushpinder Kaur
publictimes@gmail.com
+91 84278 93668