ਬਠਿੰਡਾ ਤੋਂ ਹੋਵੇਗਾ ਆਗਾਜ਼, 29 ਨਵੰਬਰ ਨੂੰ ਪਟਿਆਲਾ ’ਚ ਹੋਵੇਗਾ ਸ਼ਾਨਦਾਰ ਸਮਾਪਤੀ ਸਮਾਰੋਹ
38 ਖੇਡਾਂ ਤੇ 4 ਪੈਰਾ-ਸਪੋਰਟਸ ’ਚ ਹੋਣਗੇ ਮੁਕਾਬਲੇ, ਅੰਡਰ-14 ਤੋਂ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀ ਲੈ ਸਕਣਗੇ ਹਿੱਸਾ
ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਮਜ਼ਬੂਤ ਹਥਿਆਰ ਬਣਾਉਣਾ ਸਰਕਾਰ ਦਾ ਟੀਚਾ : ਭਗਵੰਤ ਮਾਨ
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਬਹੁ-ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਐਡੀਸ਼ਨ ਦਾ ਐਲਾਨ ਕਰ ਦਿੱਤਾ ਹੈ। ਖੇਡ ਮੇਲੇ ਦਾ ਆਗਾਜ਼ 5 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਬਠਿੰਡਾ ਵਿਖੇ ਹੋਵੇਗਾ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਵੱਖ-ਵੱਖ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਏ ਜਾਣਗੇ।
38 ਖੇਡਾਂ ਦੇ ਨਾਲ ਚਾਰ ਪੈਰਾ-ਸਪੋਰਟਸ ਵੀ ਸ਼ਾਮਲ
ਖੇਡ ਮੇਲੇ ਵਿੱਚ 38 ਵੱਖ-ਵੱਖ ਖੇਡਾਂ ਦੇ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਸਪੋਰਟਸ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਖਿਡਾਰੀ ਅੰਡਰ-14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਨੌਂ ਵੱਖ-ਵੱਖ ਉਮਰ ਵਰਗਾਂ ਵਿੱਚ ਹਿੱਸਾ ਲੈ ਸਕਣਗੇ। ਇਸ ਵਾਰ ਪਹਿਲੀ ਵਾਰ ਟੈਨਿਸ-ਬਾਲ ਕ੍ਰਿਕਟ ਨੂੰ ਡੈਮੋਨਸਟ੍ਰੇਸ਼ਨ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ।
ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ ਅਤੇ ਖਿਡਾਰੀ QR ਕੋਡ ਆਧਾਰਿਤ ਪ੍ਰਣਾਲੀ ਰਾਹੀਂ ਕਿਸੇ ਵੀ ਸਮੇਂ ਅਤੇ ਕਿਸੇ ਵੀ ਥਾਂ ਤੋਂ ਆਪਣੀ ਰਜਿਸਟ੍ਰੇਸ਼ਨ ਕਰ ਸਕਣਗੇ।
ਖੇਡਾਂ ਲਈ 1,794 ਕਰੋੜ ਰੁਪਏ ਦਾ ਬਜਟ : ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਸਭ ਤੋਂ ਮਜ਼ਬੂਤ ਹਥਿਆਰ ਵਜੋਂ ਵਰਤਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਖੇਡਾਂ ਲਈ 1,794 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ 3,148 ਖੇਡ ਮੈਦਾਨ ਅਤੇ 6,000 ਜਿੰਮ ਤਿਆਰ ਕਰਨ ਦੇ ਨਾਲ-ਨਾਲ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਵੀ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਖਾਸੀਅਤ ਇਹ ਹੈ ਕਿ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਇੱਕੋ ਖੇਡ ਮੈਦਾਨ ਵਿੱਚ ਆਪਣੀ ਖੇਡ ਪ੍ਰਤਿਭਾ ਦਿਖਾ ਸਕਦੀਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਇਸ ਖੇਡ ਮਹਾਂਕੁੰਭ ਨਾਲ ਜੁੜ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਖੇਡ ਸੂਬਾ ਬਣਾਉਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
12 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ ਮਸ਼ਾਲ ਮਾਰਚ
ਖੇਡ ਮੇਲੇ ਸਬੰਧੀ ਮਸ਼ਾਲ ਮਾਰਚ 12 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘੇਗੀ। ਸੂਬਾ ਪੱਧਰੀ ਮੁਕਾਬਲੇ ਅਕਤੂਬਰ ਤੋਂ ਨਵੰਬਰ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ ਕਰਵਾਏ ਜਾਣਗੇ।
ਪੈਰਾ ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ 25 ਤੋਂ 28 ਨਵੰਬਰ ਤੱਕ ਲੁਧਿਆਣਾ ਵਿਖੇ ਕਰਵਾਏ ਜਾਣਗੇ।
ਜੇਤੂਆਂ ਨੂੰ ਮਿਲਣਗੇ ਨਕਦ ਇਨਾਮ
ਸੂਬਾ ਪੱਧਰ ’ਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਲਈ ਨਕਦ ਇਨਾਮ ਵੀ ਰੱਖੇ ਗਏ ਹਨ। ਸੋਨ ਤਗਮਾ ਜੇਤੂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂ ਨੂੰ 5,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਯੋਗ ਨੌਜਵਾਨ ਖਿਡਾਰੀਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ, ਜੋ ਨਿਯਮਾਂ ਅਨੁਸਾਰ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਵਿੱਚ ਸਹਾਇਕ ਹੋ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਸਿਰਫ਼ ਮੁਕਾਬਲੇ ਕਰਵਾਉਣਾ ਨਹੀਂ, ਸਗੋਂ ਪਿੰਡ ਪੱਧਰ ਤੋਂ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨਾ, ਖੇਡ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ।