ਜਲੰਧਰ, 11 ਜੁਲਾਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਭਾਰਗਵ ਕੈਂਪ ਦੇ ਵਾਰਡ ਨੰਬਰ-44 ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮੰਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਮੌਕੇ 'ਤੇ ਸੁਣ ਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਦਿੱਤੇ ਜਾਂਦੇ ਹਨ।
ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜੀਹ ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਲੋਕ ਭਲਾਈ ਨਾਲ ਜੁੜੇ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਾ ਹੈ।
ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਨੇ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ ਅਤੇ ਹੋਰ ਸਥਾਨਕ ਸਮੱਸਿਆਵਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਇਸ 'ਤੇ ਮੋਹਿੰਦਰ ਭਗਤ ਨੇ ਭਰੋਸਾ ਦਿਵਾਇਆ ਕਿ ਸਾਰੇ ਜਾਇਜ਼ ਮੁੱਦਿਆਂ ਦਾ ਜਲਦ ਹੱਲ ਕਰਵਾਉਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਸ ਦੌਰਾਨ ਸਥਾਨਕ ਲੋਕਾਂ ਨੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਲੋੜਾਂ ਸਬੰਧੀ ਵੀ ਕੈਬਨਿਟ ਮੰਤਰੀ ਨਾਲ ਵਿਚਾਰ ਸਾਂਝੇ ਕੀਤੇ। ਮੋਹਿੰਦਰ ਭਗਤ ਨੇ ਕਿਹਾ ਕਿ ਵਿਕਾਸ ਨਾਲ ਸਬੰਧਤ ਹਰ ਸੁਝਾਅ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਵਾਰਡ ਇੰਚਾਰਜ ਵਿਕੀ ਕਾਕਾ, ਜੋਗਿੰਦਰ ਸਿੰਘ, ਸੁਮਨ ਬਾਲਾ, ਮਨੀ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।