ਲੁਧਿਆਣਾ ਵਿੱਚ ਪਿਛਲੇ ਕੁਝ ਹਫ਼ਤਿਆਂ ਦੌਰਾਨ 9 ਲੜਕੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੇ ਗੰਭੀਰ ਰੂਪ ਧਾਰ ਲਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਸੁ-ਮੋਟੋ ਨੋਟਿਸ ਜਾਰੀ ਕਰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਤੋਂ ਤੁਰੰਤ ਸਪੱਸ਼ਟੀਕਰਨ ਅਤੇ ਜਾਂਚ ਰਿਪੋਰਟ ਮੰਗੀ ਹੈ।
ਕਮਿਸ਼ਨ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਅਧਿਕਾਰੀ ਦੀ ਨਿਗਰਾਨੀ ਹੇਠ ਨਿਰਪੱਖ ਢੰਗ ਨਾਲ ਕਰਵਾਈ ਜਾਵੇ ਅਤੇ ਇਸ ਸਬੰਧੀ ਪੂਰੀ ਰਿਪੋਰਟ 8 ਜੂਨ ਤੱਕ ਕਮਿਸ਼ਨ ਅੱਗੇ ਪੇਸ਼ ਕੀਤੀ ਜਾਵੇ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਮਾਮਲੇ ਨੂੰ ਬੇਹੱਦ ਸੰਵੇਦਨਸ਼ੀਲ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਲਗਾਤਾਰ ਕੁੜੀਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਸਮਾਜ ਅਤੇ ਕਾਨੂੰਨ-ਵਿਵਸਥਾ ਲਈ ਗੰਭੀਰ ਚੁਣੌਤੀ ਬਣ ਰਹੀਆਂ ਹਨ, ਇਸ ਲਈ ਇਸ ਮਾਮਲੇ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਲਾਜ਼ਮੀ ਹੈ।
ਮਹਿਲਾ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਨੋਟਿਸ ਜਾਰੀ ਕਰਦੇ ਹੋਏ ਪੁਲਿਸ ਤੋਂ ਸਾਰੇ ਤੱਥਾਂ ਸਮੇਤ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲਾਪਤਾ ਲੜਕੀਆਂ ਦੀ ਭਾਲ ਲਈ ਸਾਰੇ ਸੰਭਵ ਯਤਨ ਕੀਤੇ ਜਾਣ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੋਸ਼ਲ ਮੀਡੀਆ ਰਾਹੀਂ ਲਾਪਤਾ ਲੜਕੀਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਨ੍ਹਾਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਜਾਣਕਾਰੀ ਮੁਤਾਬਕ ਇਹ ਸਾਰੀਆਂ 9 ਲੜਕੀਆਂ ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਲਾਪਤਾ ਹੋਈਆਂ ਹਨ। ਇਸ ਘਟਨਾ ਨੇ ਨਾ ਸਿਰਫ਼ ਪਰਿਵਾਰਾਂ ਦੀ ਚਿੰਤਾ ਵਧਾਈ ਹੈ, ਸਗੋਂ ਔਰਤਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।