ਲੁਧਿਆਣਾ, 8 ਜੁਲਾਈ: ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡ ਹਵਾਸ ਵਿੱਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਕਥਿਤ ਠੱਗੀ ਦਾ ਸ਼ਿਕਾਰ ਹੋਏ ਇੱਕ ਹੈੱਡ ਗ੍ਰੰਥੀ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਲਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੀੜਤ ਦੀ ਪਛਾਣ 30 ਸਾਲਾ ਭਾਈ ਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਹਵਾਸ ਦੇ ਵਸਨੀਕ ਹਨ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਹਨ।
ਫੇਸਬੁੱਕ ਲਾਈਵ ਦੌਰਾਨ ਰਵਿੰਦਰ ਸਿੰਘ ਨੇ ਪਿੰਡ ਦੇ ਤਿੰਨ ਵਿਅਕਤੀਆਂ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਉਨ੍ਹਾਂ ਤੋਂ 18 ਲੱਖ ਰੁਪਏ ਲਏ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦੇਸ਼ ਭੇਜਣ ਤੋਂ ਬਾਅਦ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ ਅਤੇ ਵਾਪਸ ਭਾਰਤ ਆਉਣ ਤੋਂ ਬਾਅਦ ਵੀ ਪੈਸੇ ਵਾਪਸ ਨਹੀਂ ਕੀਤੇ ਗਏ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਲੈਣ-ਦੇਣ ਨਾਲ ਸੰਬੰਧਿਤ ਰਿਕਾਰਡਿੰਗ ਸਬੂਤ ਮੌਜੂਦ ਹਨ।
ਰਵਿੰਦਰ ਸਿੰਘ ਨੇ ਇਹ ਵੀ ਦੋਸ਼ ਲਗਾਇਆ ਕਿ ਮਾਮਲਾ ਪੰਚਾਇਤ ਅਤੇ ਹੋਰ ਪਿੰਡ ਦੇ ਮੋਹਤਬਰ ਵਿਅਕਤੀਆਂ ਕੋਲ ਲਿਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦੇ ਅਨੁਸਾਰ, ਸੁਰੱਖਿਆ ਦੇ ਨਾਂ 'ਤੇ ਉਨ੍ਹਾਂ ਤੋਂ ਖਾਲੀ ਚੈਕ ਲਏ ਗਏ ਅਤੇ ਬਾਅਦ ਵਿੱਚ ਉਨ੍ਹਾਂ ਦੇ ਆਧਾਰ 'ਤੇ ਚੈੱਕ ਬਾਊਂਸ ਦੇ ਕੇਸ ਦਰਜ ਕਰਵਾ ਦਿੱਤੇ ਗਏ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਪੁਲਿਸ ਕੋਲ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ।
ਲਾਈਵ ਵੀਡੀਓ ਦੌਰਾਨ ਰਵਿੰਦਰ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਨਸਾਫ਼ ਲਈ ਭਟਕ ਰਹੇ ਹਨ ਅਤੇ ਮਾਨਸਿਕ ਤੌਰ 'ਤੇ ਬਹੁਤ ਪ੍ਰੇਸ਼ਾਨ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਕੈਮਰੇ ਸਾਹਮਣੇ ਹੀ ਜ਼ਹਿਰੀਲੀ ਦਵਾਈ ਪੀ ਲਈ।
ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਮਾਮਲੇ ਸਬੰਧੀ ਥਾਣਾ ਮੇਹਰਬਾਨ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਹਸਪਤਾਲ ਤੋਂ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਦੀ ਹਾਲਤ ਸਥਿਰ ਹੋਣ ਉਪਰੰਤ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਦੋਸ਼ਾਂ ਦੀ ਪੁਸ਼ਟੀ ਹੋ ਸਕੇਗੀ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।