ਲੋਕਾਂ ਨੂੰ ਆਲੇ-ਦੁਆਲੇ ਦੀ ਸਫ਼ਾਈ ਤੇ ਕੂੜੇ ਦੇ ਸੁਚੱਜੇ ਪ੍ਰਬੰਧ ਲਈ ਸਹਿਯੋਗ ਦੇਣ ਦੀ ਅਪੀਲ
ਅਲਾਵਲਪੁਰ (ਜਲੰਧਰ), 12 ਸਤੰਬਰ: ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਵਿਧਾਨ ਸਭਾ ਹਲਕਾ ਆਦਮਪੁਰ ਦੇ ਕਸਬਾ ਅਲਾਵਲਪੁਰ ਵਿਖੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ।
ਇਸ ਮੌਕੇ ਟੀਨੂੰ ਨੇ ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰ ਵਿੱਚ ਸੁਚੱਜੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੁੱਲ੍ਹੀਆਂ ਥਾਵਾਂ ’ਤੇ ਬਣੇ ਕੂੜੇ ਦੇ ਢੇਰਾਂ ਵਾਲੇ ਸਥਾਨਾਂ (Garbage Vulnerable Points-GVPs) ਨੂੰ ਖ਼ਤਮ ਕਰਕੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਬਣਾਉਣ ਲਈ ਯਤਨ ਕਰ ਰਹੀ ਹੈ।
‘ਸਫ਼ਾਈ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ’
ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣਾ ਕੇਵਲ ਸਫ਼ਾਈ ਕਰਮਚਾਰੀਆਂ ਜਾਂ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਕੂੜੇ ਦੇ ਢੁੱਕਵੇਂ ਪ੍ਰਬੰਧਨ ਲਈ ਸਫ਼ਾਈ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਜਨਤਕ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕਦੀ। ਇਸ ਲਈ ਨਾਗਰਿਕਾਂ ਨੂੰ ਆਪਣੇ ਸ਼ਹਿਰ ਅਤੇ ਮੁਹੱਲਿਆਂ ਦੀ ਸਫ਼ਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਟੀਨੂੰ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਦੌਰਾਨ ਸਫ਼ਾਈ ਕਰਮਚਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਵੀ ਅਲਾਵਲਪੁਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਸਵੱਛ ਰੱਖਣ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ।