Saturday, 5 September 2026
‘ਮਿਸ਼ਨ ਕਲੀਨ ਪੰਜਾਬ’ ਤਹਿਤ ਨਕੋਦਰ ’ਚ ਸਫ਼ਾਈ ਮੁਹਿੰਮ ਦਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਲਿਆ ਜਾਇਜ਼ਾ

‘ਮਿਸ਼ਨ ਕਲੀਨ ਪੰਜਾਬ’ ਤਹਿਤ ਨਕੋਦਰ ’ਚ ਸਫ਼ਾਈ ਮੁਹਿੰਮ ਦਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਲਿਆ ਜਾਇਜ਼ਾ

ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ, ਗਿੱਲਾ-ਸੁੱਕਾ ਕੂੜਾ ਵੱਖ ਕਰਨ ਅਤੇ ਸਿੰਗਲ-ਯੂਜ਼ ਪਲਾਸਟਿਕ ਤੋਂ ਗੁਰੇਜ਼ ਕਰਨ ਦੀ ਅਪੀਲ

ਨਕੋਦਰ (ਜਲੰਧਰ), 4 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਸ਼ਹਿਰ ਵਿੱਚ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ।

ਸਫ਼ਾਈ ਕਾਰਜਾਂ ਦਾ ਨਿਰੀਖਣ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਮਕਸਦ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਕੂੜੇ ਤੋਂ ਮੁਕਤ ਕਰਨਾ ਅਤੇ ਲੋਕਾਂ ਵਿੱਚ ਸਾਫ਼-ਸਫ਼ਾਈ ਪ੍ਰਤੀ ਜਾਗਰੂਕਤਾ ਦੇ ਨਾਲ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ।

ਉਨ੍ਹਾਂ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਖੁੱਲ੍ਹੇ ਵਿੱਚ ਕੂੜਾ ਸੁੱਟੇ ਜਾਣ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨ ਦੇ ਨਾਲ ਉੱਥੇ ਦੁਬਾਰਾ ਕੂੜੇ ਦੇ ਢੇਰ ਨਾ ਲੱਗਣ ਨੂੰ ਯਕੀਨੀ ਬਣਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਲੋਕਾਂ ਨੂੰ ਸਾਫ਼-ਸੁਥਰਾ, ਸਿਹਤਮੰਦ ਅਤੇ ਵਾਤਾਵਰਣ ਪੱਖੋਂ ਬਿਹਤਰ ਮਾਹੌਲ ਮੁਹੱਈਆ ਕਰਵਾਉਣਾ ਹੈ।

‘ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਜਨਤਕ ਮੁਹਿੰਮ ਕਾਮਯਾਬ ਨਹੀਂ ਹੋ ਸਕਦੀ’

ਵਿਧਾਇਕ ਮਾਨ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਲਈ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਫ਼ਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਜਨਤਕ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕਦੀ। ਉਨ੍ਹਾਂ ਲੋਕਾਂ ਨੂੰ ਨਕੋਦਰ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਆਪਣੇ ਆਲੇ-ਦੁਆਲੇ ਚੱਲ ਰਹੀਆਂ ਸਫ਼ਾਈ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਦੀ ਅਪੀਲ

ਇੰਦਰਜੀਤ ਕੌਰ ਮਾਨ ਨੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ, ਕੂੜਾ ਸੜਕਾਂ ਜਾਂ ਹੋਰ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਕੂੜੇਦਾਨਾਂ ਵਿੱਚ ਪਾਉਣ ਅਤੇ ਆਪਣੇ ਘਰਾਂ ਤੇ ਦੁਕਾਨਾਂ ਦੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਲੋਕਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਵਿਧਾਇਕ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਵੀ ਕੀਤੀ।

Published on: 05 Sep 2026

Editor Info

Pushpinder Kaur
publictimes@gmail.com
+91 84278 93668