ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸਰਕਾਰੀ ਵਿਭਾਗਾਂ ਨਾਲ ਤਾਲਮੇਲ ਵਧਾਉਣ ਦੇ ਨਿਰਦੇਸ਼
ਜਲੰਧਰ, 24 ਜੁਲਾਈ: ਮੁਸਲਿਮ ਡਿਵੈਲਪਮੈਂਟ ਬੋਰਡ ਦੀ ਇੱਕ ਅਹਿਮ ਮੀਟਿੰਗ ਸਥਾਨਕ ਸਰਕਟ ਹਾਊਸ ਵਿੱਚ ਬੋਰਡ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਸਮਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਨੇ ਬੋਰਡ ਦੇ ਮੈਂਬਰਾਂ ਅਤੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਸਲਿਮ ਭਾਈਚਾਰੇ ਦੇ ਹਰ ਪਰਿਵਾਰ ਤੱਕ ਪਹੁੰਚ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਦੀਕ ਤੋਂ ਸਮਝਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਲੋੜਾਂ ਨੂੰ ਸਬੰਧਤ ਸਰਕਾਰੀ ਵਿਭਾਗਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਪ੍ਰਭਾਵਸ਼ਾਲੀ ਨਿਪਟਾਰਾ ਹੋ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕਿਸੇ ਵੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਅਣਡਿੱਠਾ ਨਹੀਂ ਜਾਣ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਨਵੇਂ ਨਿਯੁਕਤ ਹਲਕਾ ਚੇਅਰਮੈਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੰਦਿਆਂ ਸਮਾਜ ਦੀ ਸੇਵਾ ਅਤੇ ਲੋਕ ਭਲਾਈ ਲਈ ਪੂਰੀ ਲਗਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ।