ਜਲੰਧਰ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਧੀਨ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦਾ ਬੀ.ਐੱਸ.ਸੀ. ਆਈ.ਟੀ. ਅਤੇ ਐੱਮ.ਐੱਸ.ਸੀ. ਆਈ.ਟੀ. ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ।
ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੰਸਥਾ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਬੈਚਲਰ ਆਫ਼ ਸਾਇੰਸ ਇਨ ਇਨਫਰਮੇਸ਼ਨ ਟੈਕਨਾਲੋਜੀ ਦੇ ਛੇਵੇਂ ਸਮੈਸਟਰ ਅਤੇ ਮਾਸਟਰ ਆਫ਼ ਸਾਇੰਸ ਇਨ ਇਨਫਰਮੇਸ਼ਨ ਟੈਕਨਾਲੋਜੀ ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਬੀ.ਐੱਸ.ਸੀ. ਆਈ.ਟੀ. ਦੇ ਛੇਵੇਂ ਸਮੈਸਟਰ ਵਿੱਚ ਵਿਦਿਆਰਥਣ ਨੇਹਾ ਨੇ 8.04 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਐੱਮ.ਐੱਸ.ਸੀ. ਆਈ.ਟੀ. ਦੇ ਚੌਥੇ ਸਮੈਸਟਰ ਵਿੱਚ ਦੀਪਕ ਕੁਮਾਰ ਨੇ 7.83 ਐੱਸ.ਜੀ.ਪੀ.ਏ. ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।
ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਇਸ ਉਪਲਬਧੀ ਲਈ ਪ੍ਰਿੰਸੀਪਲ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਸੰਸਥਾ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਮਿਆਰੀ ਸਿੱਖਿਆ ਪ੍ਰਬੰਧ ਦਾ ਨਤੀਜਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਅਤੇ ਕਾਮਯਾਬ ਭਵਿੱਖ ਦੀ ਕਾਮਨਾ ਕੀਤੀ।