‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸਮੀਖਿਆ; ਕਮਿਸ਼ਨਰੇਟ ਪੁਲਿਸ ਵੱਲੋਂ ਜੁਲਾਈ-ਅਗਸਤ ਦੌਰਾਨ ਨਸ਼ਿਆਂ ਦੇ 500 ਤੋਂ ਵੱਧ ਕੇਸ ਦਰਜ
ਜਲੰਧਰ, 2 ਸਤੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ ਨਸ਼ਿਆਂ ਦੀ ਲਪੇਟ ਵਿੱਚ ਆਏ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।
ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਖਾਦੀ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਸਮੇਤ ਹੋਰ ਅਧਿਕਾਰੀ ਤੇ ਨੁਮਾਇੰਦੇ ਸ਼ਾਮਲ ਹੋਏ।
‘ਹਜ਼ਾਰਾਂ ਨਸ਼ਾ ਤਸਕਰਾਂ ਨੂੰ ਭੇਜਿਆ ਜੇਲ੍ਹ’
ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਤਾਂ ਜੋ ਨਸ਼ਿਆਂ ਦੀ ਲਪੇਟ ਵਿੱਚ ਆਏ ਵਿਅਕਤੀਆਂ ਨੂੰ ਢੁੱਕਵਾਂ ਇਲਾਜ ਅਤੇ ਮੁੜ ਵਸੇਬੇ ਦੀ ਸਹੂਲਤ ਮਿਲ ਸਕੇ।
ਨਸ਼ਾ ਮੁਕਤੀ ਮੋਰਚਾ ਦੀ ਭੂਮਿਕਾ ਦੀ ਕੀਤੀ ਸ਼ਲਾਘਾ
ਕੈਬਨਿਟ ਮੰਤਰੀ ਨੇ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਇਸ ਨਾਲ ਜੁੜੀਆਂ ਕਮੇਟੀਆਂ ਨੂੰ ਹੋਰ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।
ਉਨ੍ਹਾਂ ਮੁਤਾਬਕ ਇਹ ਕਮੇਟੀਆਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਨਾਲ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਅਤੇ ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
ਮੋਹਿੰਦਰ ਭਗਤ ਨੇ ਪੁਲਿਸ ਅਧਿਕਾਰੀਆਂ ਨੂੰ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਧਰ ’ਤੇ ਡੀਐਸਪੀਜ਼, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰਾਂ ਅਤੇ ਲੋਕ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨਸ਼ਿਆਂ ਖ਼ਿਲਾਫ਼ ਸਾਂਝੀ ਰਣਨੀਤੀ ਤਹਿਤ ਕੰਮ ਕੀਤਾ ਜਾਵੇ।
ਜੁਲਾਈ-ਅਗਸਤ ’ਚ 500 ਤੋਂ ਵੱਧ ਕੇਸ ਦਰਜ: ਪੁਲਿਸ ਕਮਿਸ਼ਨਰ
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜੁਲਾਈ ਅਤੇ ਅਗਸਤ ਦੇ ਪਿਛਲੇ ਦੋ ਮਹੀਨਿਆਂ ਦੌਰਾਨ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਨਾਲ ਸਬੰਧਤ 500 ਤੋਂ ਵੱਧ ਕੇਸ ਦਰਜ ਕੀਤੇ ਹਨ।
ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਜਾਂ ਪ੍ਰਸ਼ਾਸਨ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
‘ਸਮੂਹਿਕ ਯਤਨਾਂ ਨਾਲ ਹੀ ਬਣੇਗਾ ਨਸ਼ਾ ਮੁਕਤ ਪੰਜਾਬ’
ਮੇਅਰ ਵਿਨੀਤ ਧੀਰ, ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਨੇ ਵੀ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨੂੰ ਜ਼ਰੂਰੀ ਦੱਸਿਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਇੰਚਾਰਜ (ਸ਼ਹਿਰੀ) ਸ਼ੈਂਕੀ ਭਗਤ ਤੋਂ ਇਲਾਵਾ ਹਲਕਾ ਅਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।