Wednesday, 9 September 2026
ਪਿੰਡ ਮਹਿਰਾਜਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ, ਗੰਨੇ ਦੀ ਆਧੁਨਿਕ ਕਾਸ਼ਤ ਬਾਰੇ ਦਿੱਤੀ ਜਾਣਕਾਰੀ

ਪਿੰਡ ਮਹਿਰਾਜਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ, ਗੰਨੇ ਦੀ ਆਧੁਨਿਕ ਕਾਸ਼ਤ ਬਾਰੇ ਦਿੱਤੀ ਜਾਣਕਾਰੀ

ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਤੇ ਰੋਗਾਂ ਦੀ ਰੋਕਥਾਮ ਸਮੇਤ ਅੰਤਰ-ਫ਼ਸਲੀ ਪ੍ਰਣਾਲੀ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਜਲੰਧਰ, 9 ਸਤੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਲੰਧਰ ਦੀ ਗੰਨਾ ਸ਼ਾਖਾ ਵੱਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਨਕੋਦਰ ਨਾਲ ਸਬੰਧਤ ਗੰਨਾ ਖੇਤਰ ਦੇ ਪਿੰਡ ਮਹਿਰਾਜਵਾਲਾ (ਲੋਹੀਆਂ ਖਾਸ) ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਗੰਨਾ ਕਾਸ਼ਤਕਾਰਾਂ ਨੂੰ ਆਧੁਨਿਕ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਵਿੱਚ ਅੰਤਰ-ਫ਼ਸਲੀ ਪ੍ਰਣਾਲੀ ਅਤੇ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਅੰਤਰ-ਫ਼ਸਲੀ ਨਾਲ ਕਿਸਾਨਾਂ ਦੀ ਆਮਦਨ ਵਧਾਉਣ ’ਤੇ ਜ਼ੋਰ

ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਰੁਲਦਾ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਵਿੱਚ ਅੰਤਰ-ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪਤਝੜ ਰੁੱਤ ਦੀ ਗੰਨੇ ਦੀ ਬਿਜਾਈ ਦੌਰਾਨ ਪ੍ਰਦਰਸ਼ਨੀ ਪਲਾਟ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਨਵੀਂ ਖੇਤੀ ਤਕਨਾਲੋਜੀ ਅਤੇ ਬੀਜਾਂ ਸਬੰਧੀ ਸਹਾਇਤਾ ਰਾਹੀਂ ਫ਼ਸਲੀ ਉਤਪਾਦਨ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ।

ਚੌੜੀ ਵਿੱਥ ਵਿਧੀ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਸਲਾਹ

ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਕਿਸਾਨਾਂ ਨੂੰ ਚੌੜੀ ਵਿੱਥ ਵਿਧੀ ਨਾਲ ਬਿਜਾਈ ਅਤੇ ਗੰਨੇ ਵਿੱਚ ਅੰਤਰ-ਫ਼ਸਲਾਂ ਦੀ ਕਾਸ਼ਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਕੈਂਪ ਦੌਰਾਨ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾਉਣ ਅਤੇ ਉਸ ਦੇ ਨਤੀਜਿਆਂ ਅਨੁਸਾਰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਸਹਿਕਾਰੀ ਖੰਡ ਮਿੱਲ ਨਕੋਦਰ ਦੇ ਸੀ.ਸੀ.ਡੀ.ਓ. ਮਨਦੀਪ ਸਿੰਘ ਬਰਾੜ ਨੇ ਕਿਸਾਨਾਂ ਨੂੰ ਗੰਨੇ ਦੀਆਂ ਵਿਭਾਗ ਵੱਲੋਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ। ਇਸੇ ਤਰ੍ਹਾਂ ਮਿੱਲ ਦੇ ਜਨਰਲ ਮੈਨੇਜਰ ਗੁਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ।

Published on: 09 Sep 2026

Editor Info

Pushpinder Kaur
publictimes@gmail.com
+91 84278 93668