ANTF ਫਿਰੋਜ਼ਪੁਰ ਰੇਂਜ ਵੱਲੋਂ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, ਕਾਰ ਵੀ ਜ਼ਬਤ
ਚੰਡੀਗੜ੍ਹ/ਫਿਰੋਜ਼ਪੁਰ, 11 ਅਗਸਤ: ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 30.672 ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ANTF ਦੀ ਟੀਮ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਜੁੜੇ ਇੱਕ ਕਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੈਰੋਇਨ ਦੀ ਇਹ ਖੇਪ ਇੱਕ ਵਿਦੇਸ਼ ਅਧਾਰਿਤ ਨਸ਼ਾ ਤਸਕਰ ਵੱਲੋਂ ਅੰਤਰਰਾਸ਼ਟਰੀ ਸਰਹੱਦ ਪਾਰੋਂ ਭੇਜੀ ਗਈ ਸੀ। ਇਸ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਅਲੀ ਕੇ ਦੇ ਇਲਾਕੇ ਵਿੱਚ ਇੱਕ ਭਾਰਤੀ ਸੰਪਰਕ ਵੱਲੋਂ ਪ੍ਰਾਪਤ ਕੀਤਾ ਗਿਆ ਸੀ ਅਤੇ ਅੱਗੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਾਇਆ ਜਾਣਾ ਸੀ।
ਜਲਾਲਾਬਾਦ ਨੇੜੇ ਵਰਨਾ ਕਾਰ ਨੂੰ ਰੋਕ ਕੇ ਕੀਤੀ ਤਲਾਸ਼ੀ
ਪੁਲਿਸ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ANTF ਦੀ ਟੀਮ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਜਲਾਲਾਬਾਦ ਨੇੜੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ’ਤੇ ਇੱਕ ਹੁੰਡਈ ਵਰਨਾ ਕਾਰ ਨੂੰ ਰੋਕਿਆ।
ਕਾਰ ਵਿੱਚ ਤਿੰਨ ਵਿਅਕਤੀ ਸਵਾਰ ਸਨ। ਤਲਾਸ਼ੀ ਦੌਰਾਨ ਪੁਲਿਸ ਨੇ ਕਾਰ ਵਿੱਚੋਂ ਹੈਰੋਇਨ ਦੇ 30 ਪੈਕਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ 30.672 ਕਿਲੋ ਦੱਸਿਆ ਗਿਆ ਹੈ। ਪੁਲਿਸ ਨੇ ਤਸਕਰੀ ਲਈ ਕਥਿਤ ਤੌਰ ’ਤੇ ਵਰਤੀ ਜਾ ਰਹੀ ਵਰਨਾ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।
ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਤਿੰਨੇ ਮੁਲਜ਼ਮ
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24), ਆਕਾਸ਼ ਸਿੰਘ ਉਰਫ਼ ਆਕਾਸ਼ (22) ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25) ਵਜੋਂ ਹੋਈ ਹੈ। ਤਿੰਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਗਏ ਹਨ।
ਇਸ ਸਬੰਧੀ ਪੁਲਿਸ ਥਾਣਾ ANTF, ਐਸ.ਏ.ਐਸ. ਨਗਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਪੁਲਿਸ ਵੱਲੋਂ ਹੁਣ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਹੱਦ ਪਾਰ ਬੈਠੇ ਹੈਂਡਲਰਾਂ ਅਤੇ ਪੰਜਾਬ ਵਿੱਚ ਉਨ੍ਹਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਕੁਝ ਰਿਪੋਰਟਾਂ ਵਿੱਚ ਹੈਰੋਇਨ ਦੀ ਖੇਪ ਨੂੰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਜਾਣ ਦੀ ਸੰਭਾਵਨਾ ਵੀ ਜਤਾਈ ਗਈ ਹੈ, ਹਾਲਾਂਕਿ ਇਸ ਪਹਿਲੂ ਦੀ ਜਾਂਚ ਜਾਰੀ ਹੈ।
ਇਹ ਬਰਾਮਦਗੀ ਫਾਜ਼ਿਲਕਾ ਖੇਤਰ ਵਿੱਚ ਕੁਝ ਦਿਨ ਪਹਿਲਾਂ ਹੋਈ ਇੱਕ ਹੋਰ ਵੱਡੀ ਕਾਰਵਾਈ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਕਾਊਂਟਰ ਇੰਟੈਲੀਜੈਂਸ ਅਤੇ ਬੀ.ਐਸ.ਐਫ. ਦੀ ਸਾਂਝੀ ਟੀਮ ਨੇ ਕਰੀਬ 30.2 ਕਿਲੋ ਹੈਰੋਇਨ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਤੋੜਨ, ਨਸ਼ਿਆਂ ਦੀ ਸਪਲਾਈ ਚੇਨ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।