ਮੁਲਜ਼ਮ ਕੋਲੋਂ 86-P ਹੈਂਡ ਗ੍ਰਨੇਡ ਬਰਾਮਦ, ਪੁਲਿਸ ਦਾ ਦਾਅਵਾ—ਯੋਜਨਾਬੱਧ ਹਮਲਾ ਕੀਤਾ ਨਾਕਾਮ
ਚੰਡੀਗੜ੍ਹ/ਜਲੰਧਰ, 10 ਅਗਸਤ: ਪੰਜਾਬ ਪੁਲਿਸ ਨੇ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਥਿਤ ਤੌਰ ’ਤੇ ISI ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦੇ ਮੁੱਖ ਆਪਰੇਟਿਵ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 86-P ਹੈਂਡ ਗ੍ਰਨੇਡ ਬਰਾਮਦ ਕਰਨ ਦੇ ਨਾਲ ਇੱਕ ਯੋਜਨਾਬੱਧ ਹਮਲੇ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਅਨੁਸਾਰ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਪੁਲਿਸ ਨਾਲ ਸਾਂਝੀ ਕਾਰਵਾਈ ਕਰਦਿਆਂ ਵਿਦੇਸ਼ ਅਧਾਰਿਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਜੋਲਾ, ਵਾਸੀ ਪਿੰਡ ਬੈਰਸੀਆਂ, ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਵਜੋਂ ਹੋਈ ਹੈ।
ਆਦਮਪੁਰ ਨੇੜਿਓਂ DLB ਰਾਹੀਂ ਗ੍ਰਨੇਡ ਹਾਸਲ ਕਰਨ ਦਾ ਦਾਅਵਾ
ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਵਿਦੇਸ਼ ਅਧਾਰਿਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਲੈਟਰ ਬਾਕਸ (DLB) ਤੋਂ ਗ੍ਰਨੇਡ ਪ੍ਰਾਪਤ ਕੀਤਾ ਸੀ।
ਡੈੱਡ ਲੈਟਰ ਬਾਕਸ ਇੱਕ ਅਜਿਹਾ ਗੁਪਤ ਤਰੀਕਾ ਹੁੰਦਾ ਹੈ, ਜਿਸ ਰਾਹੀਂ ਦੋ ਧਿਰਾਂ ਸਿੱਧੇ ਸੰਪਰਕ ਵਿੱਚ ਆਏ ਬਿਨਾਂ ਕਿਸੇ ਨਿਰਧਾਰਤ ਥਾਂ ’ਤੇ ਵਸਤੂ ਜਾਂ ਜਾਣਕਾਰੀ ਛੱਡ ਕੇ ਉਸਦਾ ਅਦਾਨ-ਪ੍ਰਦਾਨ ਕਰਦੀਆਂ ਹਨ।
ਪੁਲਿਸ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਟੀਮਾਂ ਨੇ ਮੁਲਜ਼ਮ ਨੂੰ ਐਸ.ਬੀ.ਐਸ. ਨਗਰ ਇਲਾਕੇ ਵਿੱਚੋਂ ਗ੍ਰਿਫ਼ਤਾਰ ਕੀਤਾ। ਉਸ ਵੱਲੋਂ ਕੀਤੇ ਖੁਲਾਸੇ ਦੇ ਆਧਾਰ ’ਤੇ ਪਿੰਡ ਬੈਰਸੀਆਂ ਵਿੱਚੋਂ 86-P ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ।
ਸਦਰ ਨਵਾਂਸ਼ਹਿਰ ਥਾਣੇ ’ਚ FIR ਦਰਜ
ਇਸ ਸਬੰਧੀ ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਐਫ.ਆਈ.ਆਰ. ਨੰਬਰ 124 ਮਿਤੀ 9 ਅਗਸਤ 2026 ਦਰਜ ਕੀਤੀ ਗਈ ਹੈ।
ਪੁਲਿਸ ਮੁਤਾਬਕ ਮਾਮਲਾ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 113(1) ਅਤੇ 113(3) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਹੁਣ ਮਾਮਲੇ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਕੇਂਦਰ ਵਿਦੇਸ਼ ਅਧਾਰਿਤ ਹੈਂਡਲਰਾਂ ਦੀ ਪਛਾਣ, ਉਨ੍ਹਾਂ ਦੇ ਸਥਾਨਕ ਸੰਪਰਕਾਂ ਅਤੇ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦਾ ਪਤਾ ਲਗਾਉਣਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਅੱਤਵਾਦੀ ਨੈੱਟਵਰਕਾਂ ਅਤੇ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਦੇ ਨਾਲ-ਨਾਲ ਸੂਬੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Embedded post from X
View post on X