Thursday, 27 August 2026
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜਲੰਧਰ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਜਲੰਧਰ ਦੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ

ਮਿਡ-ਡੇ ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨੂੰ ਜਲਦ ਕਣਕ ਵੰਡਣ ਦੇ ਦਿੱਤੇ ਨਿਰਦੇਸ਼

ਜਲੰਧਰ, 27 ਅਗਸਤ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹੇ ਦਾ ਅਚਨਚੇਤ ਦੌਰਾ ਕਰਦਿਆਂ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿੱਚ ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਰਾਸ਼ਨ ਸਪਲਾਈ ਦੇ ਪ੍ਰਬੰਧਾਂ ਦੀ ਜਾਂਚ ਕੀਤੀ।

ਸਕੂਲਾਂ ’ਚ ਮਿਡ-ਡੇ ਮੀਲ ਦੀ ਕੀਤੀ ਜਾਂਚ

ਦੌਰੇ ਦੌਰਾਨ ਸ੍ਰੀ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਸੰਸਾਰਪੁਰ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ ਧੀਣਾ ਅਤੇ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਮਸ਼ੇਰ ਖਾਸ (ਕੰਨਿਆ) ਦਾ ਦੌਰਾ ਕੀਤਾ।

ਉਨ੍ਹਾਂ ਸਕੂਲਾਂ ਵਿੱਚ ਮਿਡ-ਡੇ ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਜਾਂਚ ਕੀਤੀ ਅਤੇ ਸਟਾਫ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਇਸ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

ਆਂਗਣਵਾੜੀ ਕੇਂਦਰਾਂ ਦੀ ਰਾਸ਼ਨ ਸਪਲਾਈ ਦਾ ਲਿਆ ਜਾਇਜ਼ਾ

ਇਸ ਤੋਂ ਬਾਅਦ ਫੂਡ ਕਮਿਸ਼ਨ ਦੇ ਮੈਂਬਰ ਨੇ ਜਮਸ਼ੇਰ ਖਾਸ ਦੇ ਦੋ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਕੇਂਦਰਾਂ ਨੂੰ ਮਿਲ ਰਹੀ ਰਾਸ਼ਨ ਸਪਲਾਈ ਅਤੇ ਲਾਭਪਾਤਰੀਆਂ ਤੱਕ ਇਸ ਦੀ ਪਹੁੰਚ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਰਾਸ਼ਨ ਡਿਪੂਆਂ ਦੀ ਵੀ ਕੀਤੀ ਚੈਕਿੰਗ

ਸ੍ਰੀ ਧਾਲੀਵਾਲ ਵੱਲੋਂ ਰਾਸ਼ਨ ਡਿਪੂਆਂ ਦਾ ਵੀ ਨਿਰੀਖਣ ਕੀਤਾ ਗਿਆ। ਖੁਰਲਾ ਕਿੰਗਰਾ ਵਿਖੇ ਰਾਸ਼ਨ ਡਿਪੂਆਂ ਦੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਡਿਪੂ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਣਕ ਦੀ ਵੰਡ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸ਼ਿਕਾਇਤ ਲਈ ਹੈਲਪਲਾਈਨ ਨੰਬਰ ਵੀ ਕੀਤਾ ਸਾਂਝਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਲੋਕਾਂ ਨੂੰ ਕਮਿਸ਼ਨ ਦੀ ਹੈਲਪਲਾਈਨ 9876764545 ਅਤੇ ਈਮੇਲ punjabfoodcommission@gmail.com ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਚੱਲ ਰਹੀਆਂ ਸਕੀਮਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਲਈ ਲੋਕ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Published on: 27 Aug 2026

Editor Info

Pushpinder Kaur
publictimes@gmail.com
+91 84278 93668