Thursday, 11 June 2026
ਰਾਜ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਕੈਬਿਨੇਟ ਵਿੱਚ ਵੱਡੇ ਫੇਰਬਦਲ ਦੀਆਂ ਚਰਚਾਵਾਂ ਤੇਜ਼, ਪੰਜਾਬ ਨੂੰ ਮਿਲ ਸਕਦੀ ਹੈ ਖਾਸ ਤਰਜੀਹ

ਰਾਜ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਕੈਬਿਨੇਟ ਵਿੱਚ ਵੱਡੇ ਫੇਰਬਦਲ ਦੀਆਂ ਚਰਚਾਵਾਂ ਤੇਜ਼, ਪੰਜਾਬ ਨੂੰ ਮਿਲ ਸਕਦੀ ਹੈ ਖਾਸ ਤਰਜੀਹ

ਨਵੀਂ ਦਿੱਲੀ : ਰਾਜ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਦੇਸ਼ ਦੀ ਸਿਆਸਤ ਵਿੱਚ ਨਵੀਆਂ ਅਟਕਲਾਂ ਨੇ ਜ਼ੋਰ ਫੜ ਲਿਆ ਹੈ। ਰਾਜਨੀਤਿਕ ਵਰਗਾਂ ਵਿੱਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਕੇਂਦਰੀ ਮੰਤਰੀ ਮੰਡਲ ਵਿੱਚ ਵੱਡੇ ਪੱਧਰ 'ਤੇ ਤਬਦੀਲੀਆਂ ਕਰ ਸਕਦੇ ਹਨ। ਹਾਲਾਂਕਿ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨਡੀਏ) ਵੱਲੋਂ ਇਸ ਸਬੰਧੀ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ, ਪਰ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਸੰਭਾਵਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਹਨ।

ਚਰਚਾਵਾਂ ਮੁਤਾਬਕ ਮੋਦੀ ਸਰਕਾਰ ਦੇ ਕੁਝ ਮੌਜੂਦਾ ਮੰਤਰੀਆਂ ਨੂੰ ਕੈਬਿਨੇਟ ਤੋਂ ਹਟਾ ਕੇ ਪਾਰਟੀ ਸੰਗਠਨ ਵਿੱਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਸੂਬਿਆਂ ਦੇ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਜਾ ਸਕਦੀ ਹੈ।

ਭਾਰਤੀ ਜਨਤਾ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਦੇ ਮੱਦੇਨਜ਼ਰ ਪੰਜਾਬ ਨੂੰ ਵੀ ਖਾਸ ਮਹੱਤਵ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਪੰਜਾਬ ਨਾਲ ਸਬੰਧਤ ਨੇਤਾਵਾਂ ਨੂੰ ਮੋਦੀ ਕੈਬਿਨੇਟ ਵਿੱਚ ਅਹਿਮ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ।

ਭਾਜਪਾ ਨੇ ਹਾਲ ਹੀ ਵਿੱਚ ਆਪਣੇ ਕੌਮੀ ਮਹਾਸਚਿਵ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ ਦਾ ਨਾਮ ਵੀ ਸੰਭਾਵੀ ਚਿਹਰਿਆਂ ਵਿੱਚ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਸ ਦਰਮਿਆਨ ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਰਾਘਵ ਚੱਢਾ ਨੂੰ ਵੀ ਮੋਦੀ ਮੰਤਰੀ ਮੰਡਲ ਵਿੱਚ ਥਾਂ ਮਿਲ ਸਕਦੀ ਹੈ। ਹਾਲਾਂਕਿ ਇਸ ਸਬੰਧੀ ਨਾ ਤਾਂ ਰਾਘਵ ਚੱਢਾ ਅਤੇ ਨਾ ਹੀ ਕਿਸੇ ਹੋਰ ਪਾਰਟੀ ਆਗੂ ਵੱਲੋਂ ਕੋਈ ਅਧਿਕਾਰਿਕ ਪੁਸ਼ਟੀ ਕੀਤੀ ਗਈ ਹੈ।

ਕੈਬਿਨੇਟ ਵਿਸਥਾਰ ਦੀਆਂ ਚਰਚਾਵਾਂ ਵਿਚਕਾਰ ਕੁਝ ਮੌਜੂਦਾ ਮੰਤਰੀਆਂ ਦੀ ਛੁੱਟੀ ਹੋਣ ਦੀਆਂ ਸੰਭਾਵਨਾਵਾਂ ਵੀ ਜਤਾਈਆਂ ਜਾ ਰਹੀਆਂ ਹਨ। ਇੱਕ ਮੀਡੀਆ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਮੌਜੂਦਾ ਕੇਂਦਰੀ ਮੰਤਰੀ ਮੰਡਲ ਦੇ ਘੱਟੋ-ਘੱਟ ਦੋ ਮੰਤਰੀਆਂ ਨੂੰ ਬਾਹਰ ਕੀਤਾ ਜਾ ਸਕਦਾ ਹੈ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਨਾਂ ਸਾਹਮਣੇ ਨਹੀਂ ਆਏ ਹਨ।

ਖਾਸ ਗੱਲ ਇਹ ਹੈ ਕਿ ਭਾਜਪਾ ਨੇ ਇਸ ਵਾਰ ਰਾਜ ਸਭਾ ਚੋਣਾਂ ਲਈ ਆਪਣੇ ਦੋ ਕੇਂਦਰੀ ਮੰਤਰੀਆਂ ਨੂੰ ਉਮੀਦਵਾਰ ਨਹੀਂ ਬਣਾਇਆ। ਇਨ੍ਹਾਂ ਵਿੱਚ ਪੰਜਾਬ ਨਾਲ ਸਬੰਧਤ ਰਵਨੀਤ ਸਿੰਘ ਬਿੱਟੂ ਅਤੇ ਜਾਰਜ ਕੁਰੀਅਨ ਦੇ ਨਾਮ ਸ਼ਾਮਲ ਹਨ। ਰਵਨੀਤ ਸਿੰਘ ਬਿੱਟੂ ਨੂੰ ਦੁਬਾਰਾ ਟਿਕਟ ਨਾ ਮਿਲਣ ਤੋਂ ਬਾਅਦ ਇਹ ਅਟਕਲਾਂ ਹੋਰ ਮਜ਼ਬੂਤ ਹੋ ਗਈਆਂ ਹਨ ਕਿ ਪੰਜਾਬ ਤੋਂ ਕੁਝ ਨਵੇਂ ਚਿਹਰੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਸਕਦੇ ਹਨ, ਜੋ ਸਿਆਸੀ ਹਲਕਿਆਂ ਲਈ ਹੈਰਾਨੀ ਦਾ ਕਾਰਨ ਬਣ ਸਕਦੇ ਹਨ।

Published on: 11 Jun 2026

Editor Info

Pushpinder Kaur
publictimes@gmail.com
+91 84278 93668