Saturday, 29 August 2026
ਰੱਖੜੀ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 1300 ‘ਸਤਿਕਾਰ ਸਖੀਆਂ’ ਦਾ ਸਨਮਾਨ

ਰੱਖੜੀ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 1300 ‘ਸਤਿਕਾਰ ਸਖੀਆਂ’ ਦਾ ਸਨਮਾਨ

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਘਰ-ਘਰ ਪਹੁੰਚਾਉਣ ’ਚ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ; ਮਹਿਲਾਵਾਂ ਤੋਂ ਰੱਖੜੀ ਬੰਨ੍ਹਵਾ ਕੇ ਭੇਟ ਕੀਤੇ ਤੋਹਫ਼ੇ

ਜਲੰਧਰ, 27 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਰੱਖੜੀ ਦੇ ਤਿਉਹਾਰ ਮੌਕੇ ਕਰੀਬ 1300 ‘ਸਤਿਕਾਰ ਸਖੀਆਂ’ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਮਹਿਲਾਵਾਂ ਨੂੰ ਰੱਖੜੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ, ਸਤਿਕਾਰ ਅਤੇ ਭਲਾਈ ਲਈ ਵਚਨਬੱਧ ਹੈ।

ਬਸਤੀ ਪੀਰ ਦਾਦ ਰੋਡ ਵਿਖੇ ਕਰਵਾਏ ਗਏ ‘ਰੱਖੜੀ ਦਾ ਮਹਾਉਤਸਵ’ ਸਮਾਗਮ ਵਿੱਚ ਮੇਅਰ ਵਿਨੀਤ ਧੀਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਰਹੇ।

52 ਹਜ਼ਾਰ ਮਹਿਲਾਵਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਭੂਮਿਕਾ

ਕੈਬਨਿਟ ਮੰਤਰੀ ਨੇ ਕਿਹਾ ਕਿ ‘ਸਤਿਕਾਰ ਸਖੀਆਂ’ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਦੀ ਮਿਹਨਤ ਸਦਕਾ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਸ਼ੁਰੂ ਹੋ ਗਈ ਹੈ।

ਮੋਹਿੰਦਰ ਭਗਤ ਮੁਤਾਬਕ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਕਰੀਬ 52 ਹਜ਼ਾਰ ਮਹਿਲਾਵਾਂ ਨੂੰ ਇਸ ਯੋਜਨਾ ਤਹਿਤ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਸਤਿਕਾਰ ਸਖੀਆਂ ਦੀ ਮਿਹਨਤ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ।

ਮਹਿਲਾਵਾਂ ਦੇ ਸਸ਼ਕਤੀਕਰਨ ਲਈ ਸਰਕਾਰ ਵਚਨਬੱਧ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ, ਸਤਿਕਾਰ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਹਿਲਾਵਾਂ ਦੀ ਬਿਹਤਰੀ ਲਈ ਸਰਕਾਰ ਵੱਲੋਂ ਯਤਨ ਜਾਰੀ ਰੱਖੇ ਜਾਣਗੇ।

ਮਹਿਲਾਵਾਂ ਤੋਂ ਬੰਨ੍ਹਵਾਈ ਰੱਖੜੀ, ਦਿੱਤੇ ਤੋਹਫ਼ੇ

ਸਮਾਗਮ ਦੌਰਾਨ ਮੋਹਿੰਦਰ ਭਗਤ ਨੇ ਮਹਿਲਾਵਾਂ ਤੋਂ ਰੱਖੜੀ ਬੰਨ੍ਹਵਾਈ ਅਤੇ ਉਨ੍ਹਾਂ ਨੂੰ ਤੋਹਫ਼ੇ ਵੀ ਭੇਟ ਕੀਤੇ। ਉਨ੍ਹਾਂ ਕਿਹਾ ਕਿ ਰੱਖੜੀ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਨੇਹ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਿਸ਼ਤਿਆਂ ਦੀ ਕਦਰ ਕਰਨ ਦੇ ਨਾਲ ਸਮਾਜ ਵਿੱਚ ਮਹਿਲਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਪ੍ਰੇਰਨਾ ਵੀ ਦਿੰਦਾ ਹੈ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਵੀ ਮੌਜੂਦ ਸਨ।

Published on: 28 Aug 2026

Editor Info

Pushpinder Kaur
publictimes@gmail.com
+91 84278 93668