Sunday, 30 August 2026
ਸ਼ਹਿਰ ਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਵਿਧਾਇਕ ਇੰਦਰਜੀਤ ਕੌਰ ਮਾਨ

ਸ਼ਹਿਰ ਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਵਿਧਾਇਕ ਇੰਦਰਜੀਤ ਕੌਰ ਮਾਨ

ਨੂਰਮਹਿਲ ਤੋਂ 10 ਰੋਜ਼ਾ ‘ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ; ਸਫ਼ਾਈ ਕਰਮੀਆਂ, ਕੌਂਸਲਰਾਂ ਤੇ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਨੂਰਮਹਿਲ/ਨਕੋਦਰ (ਜਲੰਧਰ), 30 ਅਗਸਤ: ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਨੂਰਮਹਿਲ ਤੋਂ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸਫ਼ਾਈ ਕਰਮੀਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਸਰਗਰਮੀ ਨਾਲ ਹਿੱਸਾ ਲੈਂਦਿਆਂ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (GVPs) ਨੂੰ ਖ਼ਤਮ ਕਰਕੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦਾ ਪ੍ਰਣ ਲਿਆ।

ਸਫ਼ਾਈ ਮੁਹਿੰਮ ਦੌਰਾਨ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

8 ਸਤੰਬਰ ਤੱਕ ਚੱਲੇਗੀ ਮੁਹਿੰਮ

ਵਿਧਾਇਕ ਨੇ ਦੱਸਿਆ ਕਿ 8 ਸਤੰਬਰ ਤੱਕ ਚੱਲਣ ਵਾਲੀ ‘ਕਲੀਨ ਪੰਜਾਬ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਦੀ ਭਾਗੀਦਾਰੀ ਨਾਲ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇ ਤੌਰ ’ਤੇ ਕੂੜਾ ਸੁੱਟਣ ਕਾਰਨ ਬਣੀਆਂ ਥਾਵਾਂ ਨੂੰ ਖ਼ਤਮ ਕਰਨਾ ਅਤੇ ਉੱਥੇ ਮੁੜ ਕੂੜੇ ਦੇ ਢੇਰ ਬਣਨ ਤੋਂ ਰੋਕਣਾ ਹੈ।

ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰ ਅਤੇ ਸਥਾਨਕ ਸੰਸਥਾਵਾਂ ਦੇ ਯਤਨਾਂ ਦੇ ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।

‘ਸਫ਼ਾਈ ਕਰਮੀਆਂ ਦੀ ਮਿਹਨਤ ਦਾ ਸਨਮਾਨ ਕਰੀਏ’

ਇੰਦਰਜੀਤ ਕੌਰ ਮਾਨ ਨੇ ਸਫ਼ਾਈ ਕਰਮੀਆਂ ਵੱਲੋਂ ਕੀਤੀ ਜਾ ਰਹੀ ਮਿਹਨਤ ਦਾ ਸਨਮਾਨ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਧਰ-ਉੱਧਰ ਕੂੜਾ ਸੁੱਟਣ ਦੀ ਬਜਾਏ ਇਸ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕਰਕੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ।

ਉਨ੍ਹਾਂ ਕਿਹਾ ਕਿ ਜਿਹੜੀਆਂ ਥਾਵਾਂ ਨੂੰ ਸਾਫ਼ ਕਰ ਦਿੱਤਾ ਗਿਆ ਹੈ, ਉੱਥੇ ਮੁੜ ਕੂੜਾ ਨਾ ਸੁੱਟਿਆ ਜਾਵੇ, ਤਾਂ ਜੋ ਸਫ਼ਾਈ ਮੁਹਿੰਮ ਦੇ ਨਤੀਜੇ ਲੰਬੇ ਸਮੇਂ ਤੱਕ ਕਾਇਮ ਰਹਿ ਸਕਣ।

ਜਲੰਧਰ ਕੈਂਟ ਤੇ ਫਿਲੌਰ ’ਚ ਵੀ ਮੁਹਿੰਮ ਦੀ ਸ਼ੁਰੂਆਤ

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਅਤੇ ਵਿਧਾਨ ਸਭਾ ਹਲਕਾ ਫਿਲੌਰ ਤੋਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵੱਲੋਂ ਵੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ।

ਇਨ੍ਹਾਂ ਮੁਹਿੰਮਾਂ ਵਿੱਚ ਸਥਾਨਕ ਵਸਨੀਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਸ਼ਹਿਰ ਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Published on: 30 Aug 2026

Editor Info

Pushpinder Kaur
publictimes@gmail.com
+91 84278 93668