Friday, 18 September 2026
ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 25 ਸਤੰਬਰ ਨੂੰ, ਡੀਸੀ ਵਰਜੀਤ ਵਾਲੀਆ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 25 ਸਤੰਬਰ ਨੂੰ, ਡੀਸੀ ਵਰਜੀਤ ਵਾਲੀਆ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਸੁਰੱਖਿਆ, ਟ੍ਰੈਫਿਕ, ਸਫ਼ਾਈ, ਮੈਡੀਕਲ ਸਹੂਲਤਾਂ ਤੇ ਨਿਰਵਿਘਨ ਬਿਜਲੀ ਸਪਲਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 18 ਸਤੰਬਰ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾਣ ਵਾਲੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੀ ਧਾਰਮਿਕ ਮਹੱਤਤਾ ਅਤੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਮੰਦਿਰ ਵਿਖੇ ਮੱਥਾ ਟੇਕਣ ਅਤੇ ਮੇਲੇ ਵਿੱਚ ਸ਼ਾਮਲ ਹੋਣ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪੁਲਿਸ ਫੋਰਸ ਦੀ ਤਾਇਨਾਤੀ, ਟ੍ਰੈਫਿਕ ਲਈ ਬਦਲਵੇਂ ਰੂਟ

ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡੀਸੀ ਨੇ ਪੁਲਿਸ ਵਿਭਾਗ ਨੂੰ ਲੋੜੀਂਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਨਾਲ ਮਹਿਲਾ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਅਤੇ ਮੇਲਾ ਖੇਤਰ ਦੀ ਸੁਚੱਜੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਬਦਲਵੇਂ ਰੂਟਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਉਨ੍ਹਾਂ ਮੰਦਿਰ, ਮੰਦਿਰ ਨੂੰ ਜਾਣ ਵਾਲੇ ਮੁੱਖ ਮਾਰਗਾਂ, ਨਾਲ ਲੱਗਦੀਆਂ ਸੜਕਾਂ ਅਤੇ ਮੇਲਾ ਸਥਾਨ ’ਤੇ ਸਾਫ਼-ਸਫ਼ਾਈ ਤੇ ਸਜਾਵਟ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦੀ ਤਾਇਨਾਤੀ, ਪੀਣ ਵਾਲੇ ਪਾਣੀ, ਫਾਇਰ ਬ੍ਰਿਗੇਡ ਅਤੇ ਆਰਜ਼ੀ ਪਖਾਨਿਆਂ ਸਮੇਤ ਹੋਰ ਜ਼ਰੂਰੀ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਸਟੇਜਾਂ ਤੇ ਝੂਲਿਆਂ ਦੀ ਹੋਵੇਗੀ ਸੁਰੱਖਿਆ ਜਾਂਚ

ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਮੇਲੇ ਵਿੱਚ ਲੱਗਣ ਵਾਲੀਆਂ ਸਟੇਜਾਂ ਅਤੇ ਝੂਲਿਆਂ ਦੀ ਜਾਂਚ ਯਕੀਨੀ ਬਣਾਉਣ ਲਈ ਕਿਹਾ।

ਬਿਜਲੀ ਵਿਭਾਗ ਨੂੰ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਬਣਾਈ ਰੱਖਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਮੇਲਾ ਖੇਤਰ ਵਿੱਚ ਜੇਕਰ ਕਿਤੇ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ।

ਡੀਸੀ ਵਰਜੀਤ ਵਾਲੀਆ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਮੇਲੇ ਨੂੰ ਸੁਚੱਜੇ ਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ, ਡੀਸੀਪੀ ਪਰਮਿੰਦਰ ਸਿੰਘ, ਡੀਸੀਪੀ ਅਦਿੱਤਿਆ ਵਾਰੀਅਰ, ਐਸਡੀਐਮ ਸ਼ੁਭੀ ਆਂਗਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 
 

Published on: 18 Sep 2026

Editor Info

Pushpinder Kaur
publictimes@gmail.com
+91 84278 93668