Thursday, 10 September 2026
SIR-2026: ਜਲੰਧਰ ’ਚ ਡ੍ਰਾਫ਼ਟ ਵੋਟਰ ਸੂਚੀ ਜਾਰੀ, 14.64 ਲੱਖ ਤੋਂ ਵੱਧ ਵੋਟਰ ਦਰਜ

SIR-2026: ਜਲੰਧਰ ’ਚ ਡ੍ਰਾਫ਼ਟ ਵੋਟਰ ਸੂਚੀ ਜਾਰੀ, 14.64 ਲੱਖ ਤੋਂ ਵੱਧ ਵੋਟਰ ਦਰਜ

12 ਸਤੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼, 16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਸੂਚੀ ਦੀ ਹਾਰਡ ਅਤੇ ਸਾਫ਼ਟ ਕਾਪੀ ਮੁਹੱਈਆ

ਜਲੰਧਰ, 13 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (SIR)-2026 ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡ੍ਰਾਫ਼ਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਇਸ ਸੂਚੀ ’ਤੇ ਵੋਟਰ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਣਗੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਜ਼ਿਲ੍ਹੇ ਵਿੱਚ ਕੁੱਲ 14,64,949 ਵੋਟਰ ਦਰਜ ਹਨ।

ਵੋਟਰਾਂ ਨੂੰ ਡ੍ਰਾਫ਼ਟ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਜਾਂਚਣ ਦੀ ਸਹੂਲਤ ਦੇਣ ਲਈ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਪੋਲਿੰਗ ਬੂਥ ’ਤੇ ਮੌਜੂਦ ਰਹਿਣਗੇ BLO

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (BLO) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਉਹ ਵੋਟਰਾਂ ਨੂੰ ਡ੍ਰਾਫ਼ਟ ਵੋਟਰ ਸੂਚੀ ਵਿੱਚ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿੱਚ ਸਹਿਯੋਗ ਦੇਣਗੇ।

ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਜਾਂ ਦਰਜ ਵੇਰਵਿਆਂ ਵਿੱਚ ਕੋਈ ਗਲਤੀ ਹੈ ਤਾਂ ਉਹ ਨਿਰਧਾਰਤ ਪ੍ਰਕਿਰਿਆ ਅਨੁਸਾਰ ਦਾਅਵਾ ਜਾਂ ਇਤਰਾਜ਼ ਦਾਇਰ ਕਰ ਸਕਦਾ ਹੈ।

ਜਿਹੜੇ ਯੋਗ ਵੋਟਰ ਡ੍ਰਾਫ਼ਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6A ਜਾਂ ਫਾਰਮ ਨੰਬਰ 8, ਜੋ ਵੀ ਉਨ੍ਹਾਂ ਦੇ ਮਾਮਲੇ ਵਿੱਚ ਲਾਗੂ ਹੋਵੇ, ਜਮ੍ਹਾ ਕਰਵਾ ਸਕਦੇ ਹਨ।

ਵੋਟਰਾਂ ਨੂੰ ਆਪਣਾ ਨਾਮ ਜ਼ਰੂਰ ਚੈੱਕ ਕਰਨ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਡ੍ਰਾਫ਼ਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵੇ ਜ਼ਰੂਰ ਚੈੱਕ ਕਰਨ।

ਡ੍ਰਾਫ਼ਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ ਅਤੇ ਜ਼ਿਲ੍ਹਾ ਜਲੰਧਰ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਉਪਲਬਧ ਹੈ।

ਇਸ ਤੋਂ ਇਲਾਵਾ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ ਕੋਲ ਵੀ ਦੇਖੀ ਜਾ ਸਕਦੀ ਹੈ।

ਰਾਜਨੀਤਿਕ ਪਾਰਟੀਆਂ ਨੂੰ ਦਿੱਤੀਆਂ ਵੋਟਰ ਸੂਚੀ ਦੀਆਂ ਕਾਪੀਆਂ

ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੱਲੋਂ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਡ੍ਰਾਫ਼ਟ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨਾਂ ਫੋਟੋ ਵਾਲੀ ਸਾਫ਼ਟ ਕਾਪੀ ਮੁਹੱਈਆ ਕਰਵਾਈ ਗਈ। ਇਸ ਮੌਕੇ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ, ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਦਸਤਾਵੇਜ਼ਾਂ ਵਿੱਚੋਂ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ ਅਤੇ ਇਸ ਸਬੰਧੀ ਉਨ੍ਹਾਂ ਨੂੰ ਸਮੇਂ ਸਿਰ ਜਾਣਕਾਰੀ ਦਿੱਤੀ ਜਾਵੇਗੀ।

SIR-2026 ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਨੋਟਿਸ ਪੜਾਅ ਅਤੇ ਦਾਅਵਿਆਂ-ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

 
 

Published on: 14 Aug 2026

Editor Info

Pushpinder Kaur
publictimes@gmail.com
+91 84278 93668